10 ਦਿਨ ਪਹਿਲਾਂ ਲਾਪਤਾ ਹੋਈਆਂ ਮਾਂ-ਧੀ ਦੀਆਂ ਲਾਸ਼ਾਂ ਨਹਿਰ ’ਚੋਂ ਬਰਾਮਦ
- Ludhiana Plus
- Mar 4
- 1 min read
04/03/2025

10 ਦਿਨਾਂ ਤੋਂ ਲਾਪਤਾ ਹੋਈਆਂ ਮਾਂ-ਧੀ ਵਿੱਚੋਂ ਧੀ ਦੀ ਲਾਸ਼ ਨਹਿਰ ਵਿੱਚੋਂ ਬਰਾਮਦ ਕੀਤੀ ਗਈ ਸੀ, ਜਦੋਂ ਕਿ ਸੋਮਵਾਰ ਨੂੰ ਉਸ ਦੀ ਮਾਂ ਵੰਦਨਾ ਦੀ ਲਾਸ਼ ਸ੍ਰੀ ਗੰਗਾਨਗਰ ਵਿੱਚ ਨਹਿਰ ਵਿੱਚੋਂ ਬਰਾਮਦ ਕਰ ਲਈ ਗਈ ਜਿਸ ਨੂੰ ਪੁਲਿਸ ਨੇ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਹੈ।
ਮ੍ਰਿਤਕਾ ਵੰਦਨਾ ਦੇ ਪਰਿਵਾਰ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਹ ਆਪਣੀ ਧੀ ਤੇ ਦੋਹਤੀ ਦਾ ਸਸਕਾਰ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਜਲਦੀ ਇਨਸਾਫ਼ ਨਾ ਮਿਲਿਆ ਤਾਂ ਉਹ ਥਾਣੇ ਦੇ ਬਾਹਰ ਧਰਨਾ ਦੇਣ ਲਈ ਮਜਬੂਰ ਹੋਣਗੇ।
ਜਾਣਕਾਰੀ ਅਨੁਸਾਰ ਕੋਟਕਪੂਰਾ ਦੀ ਰਹਿਣ ਵਾਲੀ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਵੰਦਨਾ ਤੇ ਦੋਹਤੀ ਦੀਆਂ ਲਾਸ਼ਾਂ ਨਹਿਰ ’ਚੋਂ ਬਰਾਮਦ ਹੋਈਆਂ ਹਨ। ਉਨ੍ਹਾਂ ਲੜਕੀ ਦੀ ਸੱਸ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਵੰਦਨਾ ਦਾ ਵਿਆਹ ਲਗਪਗ ਸਾਢੇ ਤਿੰਨ ਸਾਲ ਪਹਿਲਾਂ ਹੋਇਆ ਸੀ। ਲੜਕੀ ਦੀ ਸੱਸ ਉਸ ਨੂੰ ਮਾਨਸਿਕ ਤੌਰ ’ਤੇ ਬਹੁਤ ਤੰਗ ਕਰਦੀ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਆਪਣੇ ਜਵਾਈ ਨੂੰ ਵੀ ਦੱਸਿਆ ਸੀ ਜਿਸ ਨੇ ਭਰੋਸਾ ਦਿੱਤਾ ਸੀ ਕਿ ਉਹ ਵੰਦਨਾ ਨੂੰ ਕੋਈ ਨੁਕਸਾਨ ਨਹੀਂ ਪੁੱਜਣ ਦੇਵੇਗਾ ਪਰ ਇਸ ਦੇ ਬਾਵਜੂਦ ਉਸ ਦੀ ਧੀ ਤੇ ਦੋਹਤੀ ਦੀ ਮੌਤ ਹੋ ਗਈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਨਾਮਜ਼ਦ ਸਹੁਰਿਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।





Comments