ਯੁੱਧ ਨਸ਼ਿਆਂ ਵਿਰੁੱਧ - ਕੈਬਨਿਟ ਮੰਤਰੀ ਮੁੰਡੀਆਂ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਨੂੰ ਸਹੁੰ ਚੁਕਾਈ
- bhagattanya93
- Jul 18
- 2 min read
>>>> ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਵਲੀਪੁਰ, ਮੀਉਵਾਲ, ਕੜਿਆਣਾ ਕਲਾਂ, ਕੜਿਆਣਾ ਖੁਰਦ, ਮੱਤੇਵਾੜਾ, ਜੀਵਨਪੁਰ ਦੇ ਲੋਕਾਂ ਨੂੰ ਸਹਿਯੋਗ ਦੀ ਅਪੀਲ
ਲੁਧਿਆਣਾ, 17 ਜੁਲਾਈ

ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਸਰਕਾਰ ਵੱਲੋਂ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਿਆਂ ਦਾ ਖਾਤਮਾ ਕਰਨ ਲਈ ਇਕਜੁੱਟ ਹੋਣ ਦੀ ਸਹੁੰ ਚੁਕਾਈ।
ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ ਯਾਤਰਾ ਕਰਦਿਆਂ ਪਿੰਡ ਵਲੀਪੁਰ, ਮੀਉਵਾਲ, ਕੜਿਆਣਾ ਕਲਾਂ, ਕੜਿਆਣਾ ਖੁਰਦ, ਮੱਤੇਵਾੜਾ, ਜੀਵਨਪੁਰ ਵਿਖੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਨੂੰ ਅਹਿਦ ਲੈਣ ਲਈ ਕਿਹਾ ਕਿ ਉਹ ਆਪੋ-ਆਪਣੇ ਪਿੰਡਾਂ ਵਿੱਚ ਨਸ਼ਾ ਵੇਚਣ ਵਾਲਿਆਂ ਦੇ ਦਾਖਲ ਹੋਣ 'ਤੇ ਪੂਰਨ ਪਾਬੰਦੀ ਲਾਉਣਗੇ, ਕਿਸੇ ਵੀ ਨਸ਼ਾ ਤਸਕਰ ਦੀ ਜਮਾਨਤ ਨਹੀਂ ਦੇਣਗੇ।

ਉਨ੍ਹਾਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਵੱਲੋਂ ਨਸ਼ੇ ਦੇ ਸੌਦਾਗਰਾਂ ਦੀ ਪੁਸ਼ਤ ਪਨਾਹੀ ਕੀਤੀ ਜਾਂਦੀ ਸੀ, ਪੰਜਾਬ ਪੁਲਿਸ ਵੱਲੋਂ ਜੇਕਰ ਕਿਸੇ ਨਸ਼ਾ ਤਸਕਰ 'ਤੇ ਕਾਰਵਾਈ ਕੀਤੀ ਜਾਂਦੀ ਤਾਂ ਉਨ੍ਹਾਂ 'ਤੇ ਦਬਾਅ ਪਾ ਕੇ ਛੱਡਵਾ ਲਿਆ ਜਾਂਦਾ ਸੀ। ਇਸਦੇ ਉਲਟ ਹੁਣ ਪੰਜਾਬ ਪੁਲਿਸ ਵੱਲੋਂ ਨਸ਼ਾ ਵੇਚਣ/ਸਪਲਾਈ ਕਰਨ ਵਾਲੇ ਸਮੱਗਲਰਾਂ ਅਤੇ ਸਮਾਜ ਵਿਰੋਧੀ ਅਨਸਰਾਂ 'ਤੇ ਨਕੇਲ ਕੱਸਣ ਲਈ 'ਯੁੱਧ ਨਸ਼ਿਆਂ ਵਿਰੁੱਧ' ਪਹਿਲਕਦਮੀ ਤਹਿਤ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਏ ਜਾ ਰਹੇ ਹਨ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦੀ ਪੁਰੀ ਖੁੱਲ ਦਿੱਤੀ ਗਈ ਹੈ।

ਨਸ਼ਿਆਂ ਵਿਰੁੱਧ ਦੇਰੀ ਨਾਲ ਕੀਤੀ ਜਾ ਰਹੀ ਕਾਰਵਾਈ ਦੇ ਸਬੰਧ ਵਿੱਚ ਉਨ੍ਹਾ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹਜ਼ਾਰਾਂ ਨੌਜਵਾਨਾਂ ਨੂੰ ਓਟ ਕਲੀਨਿਕਾਂ, ਨਸ਼ਾ ਛੁਡਾਉ ਕੇਂਦਰਾਂ ਰਾਹੀਂ ਇਲਾਜ ਕਰਵਾ ਕੇ ਇਸ ਦਲਦਲ ਵਿੱਚੋਂ ਬਾਹਰ ਕੱਢਣ ਦੇ ਉਪਰਾਲੇ ਕੀਤੇ ਗਏ। ਇਸ ਤੋਂ ਇਲਾਵਾ ਨਸ਼ਿਆਂ ਦੀ ਸਪਲਾਈ ਚੇਨ ਤੋੜ ਕੇ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕਿਆ ਗਿਆ। ਉਨ੍ਹਾਂ ਦੱਸਿਆ ਕਿ ਹੁਣ ਨਸ਼ੇ ਦੇ ਸੌਦਾਗਰਾਂ ਦੀਆਂ ਜਾਇਦਾਦਾਂ ਨੂੰ ਢਹਿ-ਢੇਰੀ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਲਈ ਮਿਸਾਲੀ ਸਜਾਵਾਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ।

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਵਾਸੀਆਂ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਸਰਕਾਰ ਨੂੰ ਦਿੱਤਾ ਗਿਆ ਸਮਰਥਨ, ਇਸ ਗੱਲ ਦਾ ਪ੍ਰਤੀਕ ਹੈ ਕਿ ਪੰਜਾਬੀਆਂ ਨੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਦਾ ਤਹੱਈਆ ਕਰ ਲਿਆ ਹੈ ਤੇ ਹੁਣ ਨਸ਼ਿਆਂ ਦਾ ਖਾਤਮਾ ਯਕੀਨੀ ਹੈ।
ਉਨ੍ਹਾਂ ਦੱਸਿਆ ਕਿ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ 'ਤੇ ਖਾਤਮਾ ਕਰਨ ਲਈ ਚਲਾਈ ਜਾ ਰਹੀ ਨਸ਼ਾ ਮੁਕਤੀ ਯਾਤਰਾ ਦਾ ਮੰਤਵ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ ਹੈ ਅਤੇ ਹਰੇਕ ਪਿੰਡ ਤੇ ਹਰੇਕ ਗਲੀ ਨੂੰ ਨਸ਼ਾ ਮੁਕਤ ਕਰਨਾ ਸਰਕਾਰ ਦੀ ਤਰਜੀਹ ਹੈ।






Comments