DSP ਤੇ SHO ਸਾਹਮਣੇ SI ਦੀ ਗੋਲ਼ੀ ਮਾਰ ਕੇ ਹੱਤਿਆ; ਸਰਪੰਚ ਤੇ ਹੋਰਾਂ ਖ਼ਿਲਾਫ਼ ਕੇਸ ਦਰਜ
- bhagattanya93
- Apr 10
- 2 min read
10/04/2025

ਖਡੂਰ ਸਾਹਿਬ ਹਲਕੇ ਦੇ ਪਿੰਡ ਕੋਟ ਮੁਹੰਮਦ ਖਾਂ ’ਚ ਬੁੱਧਵਾਰ ਰਾਤ ਕਰੀਬ ਪੌਣੇ ਦਸ ਵਜੇ ਦੋ ਧਿਰਾਂ ਵਿਚਕਾਰ ਚੱਲ ਰਿਹਾ ਵਿਵਾਦ ਹੱਲ ਕਰਨ ਗਏ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਵਧੀਕ ਐੱਸਐੱਚਓ ਸਬ ਇੰਸਪੈਕਟਰ ਚਰਨਜੀਤ ਸਿੰਘ ਦਾ ਹੀ ਰਿਵਾਲਵਰ ਖੋਹ ਕੇ ਉਨ੍ਹਾਂ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਦੌਰਾਨ ਹੋਈ ਹੱਥੋਪਾਈ ’ਚ ਏਐੱਸਆਈ ਜਸਬੀਰ ਸਿੰਘ ਨੂੰ ਕੁੱਟਿਆ ਗਿਆ ਜਿਨ੍ਹਾਂ ਦੀ ਬਾਂਹ ਟੁੱਟ ਗਈ। ਇਹ ਸਾਰੀ ਘਟਨਾ ਡੀਐੱਸਪੀ ਅਤੁਲ ਸੋਨੀ ਤੇ ਐੱਸਐੱਚਓ ਇੰਸਪੈਕਟਰ ਪ੍ਰਭਜੀਤ ਸਿੰਘ ਗਿੱਲ ਦੀ ਮੌਜੂਦਗੀ ’ਚ ਵਾਪਰੀ। ਘਟਨਾ ਤੋਂ ਬਾਅਦ ਸਾਰੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ, ਜਿਸ ਨਾਲ ਕਾਨੂੰਨ ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਹੋ ਗਏ ਸਨ। ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੇ ਡੀਆਈਜੀ ਹਰਮਨਬੀਰ ਸਿੰਘ ਗਿੱਲ ਜ਼ਰੂਰੀ ਨਿਰਦੇਸ਼ ਦਿੱਤੇ।
ਪਿੰਡ ਕੋਟ ਮੁਹੰਮਦ ਖਾਂ ਦੇ ਸਰਪੰਚ ਕੁਲਦੀਪ ਸਿੰਘ ਦੇ ਪੁੱਤਰ ਦਾ ਇਸੇ ਪਿੰਡ ਦੇ ਰਹਿਣ ਵਾਲੇ ਅਰਸ਼ਦੀਪ ਸਿੰਘ ਨਾਲ ਪਿਛਲੇ ਦਸ ਦਿਨਾਂ ਤੋਂ ਵਿਵਾਦ ਚੱਲ ਰਿਹਾ ਸੀ। ਇਸ ਵਿਵਾਦ ਕਾਰਨ ਦੋਵਾਂ ਧਿਰਾਂ ’ਚ ਕਈ ਵਾਰ ਝਗੜਾ ਹੋ ਗਿਆ ਸੀ। ਸਰਪੰਚ ਕੁਲਦੀਪ ਸਿੰਘ ਤੇ ਹੋਰਾਂ ਖ਼ਿਲਾਫ਼ ਦੂਜੀ ਧਿਰ ਨੇ ਥਾਣਾ ਸ੍ਰੀ ਗੋਇੰਦਵਾਲ ਸਾਹਿਬ ’ਚ ਲਿਖਤੀ ਸ਼ਿਕਾਇਤ ਵੀ ਦਿੱਤੀ ਹੋਈ ਸੀ, ਪਰ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਬੁੱਧਵਾਰ ਸਵੇਰੇ 11 ਵਜੇ ਦੋਵਾਂ ਧਿਰਾਂ ’ਚ ਫਿਰ ਬਹਿਸ ਹੋ ਗਈ ਜਿਸ ਤੋਂ ਬਾਅਦ ਸ਼ਾਮ 4 ਵਜੇ ਵਿਵਾਦ ਹੱਲ ਕਰਨ ਲਈ ਸਮਾਂ ਤੈਅ ਕੀਤਾ ਗਿਆ। ਪਰ ਇਸ ਦੌਰਾਨ ਸਰਪੰਚ ਧੜੇ ਦੀ ਇਤਰਾਜ਼ਯੋਗ ਸਰਗਰਮੀ ’ਤੇ ਦੂਜੀ ਧਿਰ ਨੇ ਪੁਲਿਸ ਹੈਲਪਲਾਈਨ ’ਤੇ ਸ਼ਿਕਾਇਤ ਕਰ ਦਿੱਤੀ। ਸ਼ਿਕਾਇਤ ਮਿਲਣ ’ਤੇ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਵਧੀਕ ਇੰਚਾਰਜ ਸਬ ਇੰਸਪੈਕਟਰ ਚਰਨਜੀਤ ਸਿੰਘ ਦੀ ਅਗਵਾਈ ’ਚ ਏਐੱਸਆਈ ਜਸਬੀਰ ਸਿੰਘ ਤੇ ਹੋਰ ਪੁਲਿਸ ਮੁਲਾਜ਼ਮ ਰਾਤ ਸਾਢੇ ਅੱਠ ਵਜੇ ਪਿੰਡ ਲਈ ਰਵਾਨਾ ਹੋ ਗਏ। ਰਾਤ ਕਰੀਬ 9:35 ਵਜੇ ਜਦੋਂ ਸਬ ਇੰਸਪੈਕਟਰ ਚਰਨਜੀਤ ਸਿੰਘ ਨੇ ਵਿਵਾਦ ਹੱਲ ਕਰਨ ਲਈ ਸਰਪੰਚ ਧਿਰ ਨੂੰ ਪਿੱਛੇ ਹਟਣ ਲਈ ਕਿਹਾ, ਤਾਂ ਸਰਪੰਚ ਧਿਰ ’ਚੋਂ ਇਕ ਵਿਅਕਤੀ ਨੇ ਉਨ੍ਹਾਂ ਦੀ ਰਿਵਾਲਵਰ ਖੋਹ ਕੇ ਉਨ੍ਹਾਂ ’ਤੇ ਤਿੰਨ ਗੋਲ਼ੀਆਂ ਚਲਾ ਦਿੱਤੀਆਂ। ਇਕ ਗੋਲ਼ੀ ਸਬ ਇੰਸਪੈਕਟਰ ਚਰਨਜੀਤ ਸਿੰਘ ਨੂੰ ਲੱਗੀ ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਏ। ਇਸੇ ਦੌਰਾਨ, ਏਐੱਸਆਈ ਜਸਬੀਰ ਸਿੰਘ ਨੂੰ ਕੁੱਟ-ਕੁੱਟ ਕੇ ਉਨ੍ਹਾਂ ਦੀ ਬਾਂਹ ਤੋੜ ਦਿੱਤੀ ਗਈ। ਦੋਵਾਂ ਨੂੰ ਤੁਰੰਤ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਚਰਨਜੀਤ ਸਿੰਘ ਨੂੰ ਮਿ੍ਰਤ ਐਲਾਨ ਦਿੱਤਾ ਗਿਆ। ਘਟਨਾ ਦੌਰਾਨ ਮੌਜੂਦ ਡੀਐੱਸਪੀ ਅਤੁਲ ਸੋਨੀ ਤੇ ਥਾਣੇਦਾਰ ਇੰਸਪੈਕਟਰ ਪ੍ਰਭਜੀਤ ਸਿੰਘ ਗਿੱਲ ਨੇ ਗੋਲ਼ੀਆਂ ਦੀ ਆਵਾਜ਼ ਸੁਣ ਕੇ ਪਿੱਛੇ ਹਟਣ ਦਾ ਫ਼ੈਸਲਾ ਕੀਤਾ।
ਸੂਚਨਾ ਮਿਲਣ ’ਤੇ ਦੇਰ ਰਾਤ 11:30 ਵਜੇ ਫਿਰੋਜ਼ਪੁਰ ਰੇਂਜ ਦੇ ਡੀਆਈਜੀ ਹਰਮਨਬੀਰ ਸਿੰਘ ਗਿੱਲ ਮੌਕੇ ’ਤੇ ਪੁੱਜੇ ਤੇ ਐੱਸਐੱਸਪੀ ਅਭਿਮਨਿਊ ਰਾਣਾ ਤੋਂ ਵਿਸਥਾਰਤ ਰਿਪੋਰਟ ਮੰਗੀ। ਉਨ੍ਹਾਂ ਦੱਸਿਆ ਕਿ ਐੱਸਪੀ (ਆਈ) ਅਜੈਰਾਜ ਸਿੰਘ ਦੀ ਅਗਵਾਈ ’ਚ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਤੇ ਸਰਪੰਚ ਕੁਲਦੀਪ ਸਿੰਘ ਸਮੇਤ ਹੋਰ ਮੁਲਜ਼ਮਾਂ ਖ਼ਿਲਾਫ਼ ਮੁਕਦਮਾ ਦਰਜ ਕਰਕੇ ਅਗਲੀ ਕਾਰਵਾਈ ਦੇ ਆਦੇਸ਼ ਦਿੱਤੇ ਗਏ ਹਨ।
Comments