ਵਿਜੀਲੈਂਸ ਨੇ ਰਿਸ਼ਵਤ ਲੈਂਦੇ ਪਟਵਾਰੀ ਨੂੰ ਰੰਗੇ ਹੱਥੀਂ ਕੀਤਾ ਕਾਬੂ
- Ludhiana Plus
- Oct 24, 2023
- 1 min read
24 ਅਕਤੂਬਰ

ਪੰਜਾਬ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਚਲਦਿਆ ਮਾਲ ਹਲਕਾ ਅਬਲੋਵਾਲ, ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਨਛੱਤਰ ਸਿੰਘ ਨੂੰ 4,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਮੁਕੱਦਮਾ ਪਟਿਆਲਾ ਜ਼ਿਲੇ ਦੇ ਰਿਵਾਸ ਬ੍ਰਾਹਮਣਾਂ ਨਿਵਾਸੀ ਲਛਮਣ ਦਾਸ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸਦੇ ਪਿਤਾ ਦੀ ਮੌਤ ਤੋਂ ਬਾਅਦ ਉਸਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ 4,000 ਰੁਪਏ ਰਿਸ਼ਵਤ ਕੀਤੀ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਪਟਿਆਲਾ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕਰਦਿਆਂ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮਾਲ ਅਧਿਕਾਰੀ ਦੇ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਜਾਰੀ ਹੈ।






Comments