ਅੱਜ ਸ਼ਾਮ ਲਈ ਰੈੱਡ ਅਲਰਟ, ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ..
- Sep 2, 2025
- 2 min read
02/09/2025

ਪੰਜਾਬ ਵਿਚ ਪਿਛਲੇ 48 ਘੰਟਿਆਂ ਤੋਂ ਪੈ ਰਹੇ ਮੀਂਹ ਕਰਕੇ ਸਥਿਤੀ ਹੋਰ ਗੰਭੀਰ ਹੁੰਦੀ ਜਾ ਰਹੀ ਹੈ। ਸੂਬੇ ਵਿਚ ਲੰਘੀ ਰਾਤ ਵੀ ਜ਼ਿਆਦਾਤਰ ਸ਼ਹਿਰਾਂ ਵਿੱਚ ਭਾਰੀ ਮੀਂਹ ਪਿਆ ਹੈ ਜੋ ਕਿ ਸਾਰੀ ਰਾਤ ਪੈਂਦਾ ਰਿਹਾ ਹੈ। ਉਧਰ ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਮੁਕੇਰੀਆਂ, ਜਲੰਧਰ, ਸੁਲਤਾਨਪੁਰ ਲੋਧੀ, ਲੁਧਿਆਣਾ, ਮੋਗਾ, ਬਰਨਾਲਾ, ਸੰਗਰੂਰ ਅਤੇ ਮਾਨਸਾ ਦੇ ਕੁਝ ਇਲਾਕਿਆਂ ਵਿੱਚ ਅੱਜ ਭਾਰੀ ਮੀਂਹ ਪੈਣ ਲਈ ‘ਰੈੱਡ ਅਲਰਟ’ ਜਾਰੀ ਕਰ ਦਿੱਤਾ ਹੈ।
ਪੰਜਾਬ ਦੇ ਅੱਠ ਜ਼ਿਲ੍ਹਿਆਂ ਦੇ 1300 ਤੋਂ ਵੱਧ ਪਿੰਡ ਹੜ੍ਹਾਂ ਦੀ ਲਪੇਟ ਵਿਚ ਹਨ। ਲੋਕ ਆਪਣੇ ਘਰਾਂ ਦੀਆਂ ਛੱਤਾਂ ਉਤੇ ਪਨਾਹ ਲੈ ਰਹੇ ਹਨ ਜਾਂ ਘਰ ਛੱਡ ਕੇ ਸੁਰੱਖਿਅਤ ਥਾਵਾਂ ‘ਤੇ ਜਾ ਰਹੇ ਹਨ। ਲਗਭਗ ਦੋ ਲੱਖ ਏਕੜ ਫਸਲਾਂ ਪਾਣੀ ਵਿੱਚ ਡੁੱਬ ਗਈਆਂ ਹਨ। ਰਾਜ ਵਿਚ ਹੜ੍ਹਾਂ ਕਾਰਨ ਹੋਈ ਤਬਾਹੀ ਦਾ ਕਾਰਨ ਨਾ ਸਿਰਫ਼ ਹਿਮਾਚਲ ਅਤੇ ਜੰਮੂ ਵਿੱਚ ਭਾਰੀ ਬਾਰਿਸ਼ ਕਾਰਨ ਤਿੰਨ ਡੈਮਾਂ ਤੋਂ ਛੱਡਿਆ ਜਾ ਰਿਹਾ ਪਾਣੀ ਹੈ, ਸਗੋਂ ਰਾਜ ਵਿੱਚ ਹੋਈ ਬਾਰਿਸ਼ ਵੀ ਹੈ।
ਮੌਸਮ ਵਿਭਾਗ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ, 25 ਸਾਲਾਂ ਵਿੱਚ ਇਹ ਪਹਿਲੀ ਵਾਰ ਹੈ ਕਿ ਅਗਸਤ ਦੇ ਮਹੀਨੇ ਵਿੱਚ 253.7 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ। ਆਮ ਤੌਰ ‘ਤੇ ਅਗਸਤ ਦੇ ਮਹੀਨੇ ਵਿੱਚ 146.2 ਮਿਲੀਮੀਟਰ ਬਾਰਿਸ਼ ਹੁੰਦੀ ਹੈ, ਜੋ ਕਿ ਇਸ ਵਾਰ 74 ਪ੍ਰਤੀਸ਼ਤ ਵੱਧ ਹੈ।
ਮੌਸਮ ਵਿਭਾਗ ਨੇ ਮੰਗਲਵਾਰ ਨੂੰ ਵੀ ਰੈੱਡ ਅਲਰਟ ਜਾਰੀ ਕੀਤਾ ਹੈ, ਜਿਸ ਦੇ ਮੱਦੇਨਜ਼ਰ ਆਉਣ ਵਾਲੇ ਘੰਟੇ ਭਾਰੀ ਰਹਿਣਗੇ। ਵਿਭਾਗ ਅਨੁਸਾਰ ਜਲੰਧਰ, ਪਟਿਆਲਾ, ਸੰਗਰੂਰ, ਮੋਹਾਲੀ, ਚੰਡੀਗੜ੍ਹ, ਗੁਰਦਾਸਪੁਰ, ਸ਼ਹੀਦ ਭਗਤ ਸਿੰਘ ਨਗਰ ਵਿਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਮੌਸਮ ਵਿਭਾਗ ਦੀ ਤਾਜ਼ਾ ਚਿਤਾਵਨੀ ਅਨੁਸਾਰ, 2,3, 4, 5, 6, 7 ਨੂੰ ਹਿਮਾਚਲ ਵਿੱਚ ਭਾਰੀ ਮੀਂਹ ਪਵੇਗਾ, ਜਿਸ ਦਾ ਪ੍ਰਭਾਵ ਪੰਜਾਬ ਵਿੱਚ ਵੀ ਦੇਖਣ ਨੂੰ ਮਿਲੇਗਾ। ਇਸ ਦੌਰਾਨ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ, ਅਤੇ ਦਰਿਆਵਾਂ ਅਤੇ ਨਾਲਿਆਂ ਦੇ ਨੇੜੇ ਨਾ ਜਾਣ ਦੇ ਸਖ਼ਤ ਆਦੇਸ਼ ਵੀ ਜਾਰੀ ਕੀਤੇ ਹਨ।
ਦੂਜੇ ਪਾਸੇ, ਸੂਬੇ ਵਿੱਚ ਹੜ੍ਹ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਗਈ ਹੈ। ਮਾਝਾ ਅਤੇ ਦੋਆਬਾ ਵਿੱਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ 36 ਹੋ ਗਈ ਹੈ। ਹੁਸ਼ਿਆਰਪੁਰ ਵਿਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ ਹੋ ਗਈ, ਜਿਸ ਵਿੱਚੋਂ 4 ਲੋਕਾਂ ਦੀ ਮੌਤ ਘਰ ਦੀ ਛੱਤ ਡਿੱਗਣ ਕਾਰਨ ਹੋਈ, ਜਦੋਂ ਕਿ 3 ਲੋਕ ਲਗਾਤਾਰ ਮੀਂਹ ਕਾਰਨ ਹੜ੍ਹ ਦੇ ਪਾਣੀ ਵਿੱਚ ਡੁੱਬ ਗਏ।
ਦੱਸ ਦਈਏ ਕਿ ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਅਤੇ ਪੰਜਾਬ ਵਿਚ ਪਿਛਲੇ 48 ਘੰਟਿਆਂ ਤੋਂ ਰੁਕ ਰੁਕ ਕੇ ਪੈ ਰਹੇ ਮੀਹ ਕਰਕੇ ਹੜ੍ਹਾਂ ਦੇ ਹਾਲਾਤ ਹੋਰ ਗੰਭੀਰ ਬਣਦੇ ਜਾ ਰਹੇ ਹਨ। ਸੂਬੇ ਵਿੱਚ ਪਹਿਲਾਂ ਰਾਵੀ ਅਤੇ ਬਿਆਸ ਦਰਿਆ ਨੇ 8 ਜ਼ਿਲ੍ਹਿਆਂ ਵਿੱਚ ਤਬਾਹੀ ਮਚਾਈ ਹੋਈ ਸੀ, ਪਰ ਹੁਣ ਸਤਲੁਜ ਅਤੇ ਘੱਗਰ ਵਿੱਚ ਵੀ ਪਾਣੀ ਵਧਣ ਕਰਕੇ ਕੁੱਲ 12 ਜ਼ਿਲ੍ਹੇ ਹੜਾਂ ਦੀ ਮਾਰ ਹੇਠ ਆ ਚੁੱਕੇ ਹਨ। ਘੱਗਰ ਅਤੇ ਸਤਲੁਜ ਵਿੱਚ ਪਾਣੀ ਵਧਣ ਕਰਕੇ ਮਾਲਵਾ ਖਿੱਤੇ ਦੇ ਲੋਕਾਂ ਵਿੱਚ ਵੀ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਸਥਾਨਕ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘੱਗਰ ਤੇ ਸਤਲੁਜ ਸਣੇ ਹੋਰ ਨਦੀਆਂ ਨਾਲਿਆਂ ਨੇੜੇ ਨਾ ਜਾਣ ਦੀ ਅਪੀਲ ਕੀਤੀ ਜਾ ਰਹੀ ਹੈ।





Comments