ਆਨੰਦਪੁਰ ਸਾਹਿਬ 'ਚ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਗੁਰੂ ਤੇਗ ਬਹਾਦਰ ਜੀ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ
- bhagattanya93
- Nov 24
- 1 min read
24/11/2025

ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ ਅੱਜ ਇਤਿਹਾਸਕ ਸ਼ਹਿਰ ਆਨੰਦਪੁਰ ਸਾਹਿਬ ਵਿੱਚ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਅਤੇ ਸੱਤਾਧਾਰੀ ਪਾਰਟੀ ਦੇ ਸਾਰੇ ਵਿਧਾਇਕ ਵਿਸ਼ੇਸ਼ ਸੈਸ਼ਨ ਵਿੱਚ ਹਾਜ਼ਰੀ ਲਈ ਆਨੰਦਪੁਰ ਸਾਹਿਬ ਪਹੁੰਚ ਚੁੱਕੇ ਹਨ। ਇਹ ਇੱਕ ਰੋਜ਼ਾ ਸੈਸ਼ਨ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ 350ਵੀਂ ਵਰ੍ਹੇਗੰਢ ਨੂੰ ਸਮਰਪਿਤ ਹੈ, ਜਿਸ ਮੌਕੇ ਮੁੱਖ ਮੰਤਰੀ ਵੱਲੋਂ ਵਿਧਾਨ ਸਭਾ ਵਿੱਚ ਇੱਕ ਸਰਕਾਰੀ ਮਤਾ ਪੇਸ਼ ਕੀਤਾ ਜਾਵੇਗਾ।
ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਨੇ ਪਹਿਲਾਂ ਹੀ ਸਪੱਸ਼ਟ ਕੀਤਾ ਹੈ ਕਿ ਇਸ ਵਿਸ਼ੇਸ਼ ਸੈਸ਼ਨ ਦੌਰਾਨ ਕੋਈ ਹੋਰ ਸਰਕਾਰੀ ਕਾਰੋਬਾਰ ਨਹੀਂ ਕੀਤਾ ਜਾਵੇਗਾ। ਸੈਸ਼ਨ ਸਿਰਫ਼ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਅਤੇ ਉਨ੍ਹਾਂ ਦੇ ਉਪਦੇਸ਼ਾਂ ਨੂੰ ਯਾਦ ਕਰਨ ਲਈ ਸਮਰਪਿਤ ਰਹੇਗਾ।
ਇਹ ਵੀ ਧਿਆਨਯੋਗ ਹੈ ਕਿ 25 ਨਵੰਬਰ ਨੂੰ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਦੀ 350ਵੀਂ ਵਰ੍ਹੇਗੰਢ ਹੈ, ਜਿਸ ਨੂੰ ਸਰਕਾਰੀ ਪੱਧਰ ’ਤੇ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਇਸੇ ਲਈ ਆਨੰਦਪੁਰ ਸਾਹਿਬ — ਜੋ ਸਿੱਖ ਇਤਿਹਾਸ ਦਾ ਮਹੱਤਵਪੂਰਨ ਕੇਂਦਰ ਹੈ — ਵਿੱਚ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਗਿਆ ਹੈ।
ਇਹ ਪਹਿਲੀ ਵਾਰ ਹੈ ਕਿ ਪੰਜਾਬ ਵਿਧਾਨ ਸਭਾ ਚੰਡੀਗੜ੍ਹ ਤੋਂ ਬਾਹਰ ਬੁਲਾਈ ਗਈ ਹੈ। ਇਸ ਇਤਿਹਾਸਕ ਕਦਮ ਦਾ ਮੁੱਖ ਉਦੇਸ਼ ਗੁਰੂ ਸਾਹਿਬ ਦੀ ਸ਼ਹਾਦਤ, ਸਿਧਾਂਤਾਂ ਅਤੇ ਵਿਰਾਸਤ ਨੂੰ ਸ਼ਰਧਾਂਜਲੀ ਦੇਣਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਅਟਕਲਾਂ ਲੱਗ ਰਹੀਆਂ ਸਨ ਕਿ ਆਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਦਰਜਾ ਦਿੱਤਾ ਜਾ ਸਕਦਾ ਹੈ, ਪਰ ਜਾਰੀ ਕੀਤੇ ਗਏ ਵਿਧਾਨ ਸਭਾ ਏਜੰਡੇ ਵਿੱਚ ਇਸ ਬਾਰੇ ਕੋਈ ਜ਼ਿਕਰ ਨਹੀਂ ਹੈ।





Comments