ਕੇਂਦਰ ਸਰਕਾਰ ਗੱਲਬਾਤ ਦੀ ਬਜਾਏ ਗ਼ਲਤ ਢੰਗ ਨਾਲ ਉਲਝਾ ਰਹੀ ਹੈ ਕਿਸਾਨੀ ਮਸਲਾ ਰਾਜਾ ਵੜਿੰਗ
- bhagattanya93
- Feb 25, 2024
- 2 min read
25/02/2024
ਪਿਛਲੇ ਦਿਨੀਂ ਪੰਜਾਬ ਦੀ ਹਦੂਦ ਦੇ ਅੰਦਰ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉੱਪਰ ਅਣਮਨੁੱਖੀ ਢੰਗ ਨਾਲ ਤਸ਼ੱਦਦ ਕੀਤਾ ਗਿਆ ਸੀ ਜਿਸ ਵਿਚ ਹਰਿਆਣਾ ਸਰਕਾਰ ਵੱਲੋਂ ਗੋਲੀਆਂ ਨਾਲ ਹਮਲਾ ਕਰ ਕੇ ਪੰਜਾਬ ਦੇ ਬੇਕਸੂਰ ਨੌਜਵਾਨ ਸ਼ੁਭਕਰਨ ਸਿੰਘ ਵਾਸੀ ਪਿੰਡ ਬੱਲੋਂ ਜ਼ਿਲ੍ਹਾ ਬਠਿੰਡਾ ਨੂੰ ਸ਼ਹੀਦ ਕਰ ਦਿੱਤਾ ਗਿਆ। ਕਾਂਗਰਸ ਪਾਰਟੀ ਵੱਲੋਂ ਵਾਰ-ਵਾਰ ਮੰਗ ਕਰਨ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਹਰਿਆਣਾ ਸਰਕਾਰ ਦੇ ਦੋਸ਼ੀ ਅਫ਼ਸਰਾਂ ਖ਼ਿਲਾਫ਼ ਮੁਕੱਦਮਾ ਦਰਜ ਨਹੀਂ ਕੀਤਾ ਗਿਆ ਜਿਸ ਖ਼ਿਲਾਫ਼ ਅੱਜ ਕਾਂਗਰਸ ਪਾਰਟੀ ਦੀ ਲੀਡਰਸ਼ਿਪ ਵੱਲੋਂ ਐੱਸਐੱਸਪੀ ਦਫਤਰ ਸੰਗਰੂਰ ਅੱਗੇ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ, ਜ਼ਿਲ੍ਹਾ ਪ੍ਰਧਾਨ ਦਲਬੀਰ ਸਿੰਘ ਗੋਲਡੀ, ਮੁਨੀਸ਼ ਬਾਂਸਲ ਹਲਕਾ ਇੰਚਾਰਜ ਬਰਨਾਲਾ, ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਬਰਨਾਲਾ, ਕੁਲਦੀਪ ਸਿੰਘ ਕਾਲਾ ਢਿੱਲੋਂ, ਰਾਹੁਲ ਇੰਦਰ ਭੱਠਲ, ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਮਲੇਰਕੋਟਲਾ ਜਸਪਾਲ ਦਾਸ ਸਮੇਤ ਜ਼ਿਲ੍ਹਾ ਸੰਗਰੂਰ ਇਕਾਈ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰ ਵੱਡੀ ਗਿਣਤੀ ’ਚ ਸ਼ਾਮਲ ਹੋਏ।
ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸ਼ਾਂਤਮਈ ਤਰੀਕੇ ਨਾਲ ਆਪਣੇ ਹੱਕ ਮੰਗਦੇ ਕਿਸਾਨਾਂ ਨਾਲ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਹਰਿਆਣਾ ਸਰਕਾਰ ਵੱਲੋਂ ਕੀਤਾ ਜਾ ਰਿਹਾ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼, ਦੁਨੀਆ ਦਾ ਅੰਨਦਾਤਾ ਹੈ, ਕੇਂਦਰ ਸਰਕਾਰ ਗੱਲਬਾਤ ਰਾਹੀਂ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਬਜਾਏ ਗਲਤ ਰਾਹ ਅਪਣਾ ਰਹੀ ਹੈ ਜਿਸ ਦਾ ਜਵਾਬ ਲੋਕ ਸਮਾਂ ਆਉਣ ’ਤੇ ਦੇਣਗੇ।
ਇਸ ਤੋਂ ਇਲਾਵਾ ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਦੇਸ਼ ਵਿਚ ਜੈ ਜਵਾਨ ਜੈ ਕਿਸਾਨ ਦੀ ਪ੍ਰੰਪਰਾ ਹੈ ਤੇ ਅੱਜ ਬੀਜੇਪੀ ਦੇ ਰਾਜ ਵਿਚ ਇਸ ਦੇ ਉਲਟ ਜਵਾਨ ਹੀ ਕਿਸਾਨ ਦੇ ਖੂਨ ਦੇ ਪਿਆਸੇ ਹੋਏ ਪਏ ਨੇ, ਪੰਜਾਬ ਅਤੇ ਕੇਂਦਰ ਦੀ ਸਰਕਾਰ ਕਿਸਾਨੀ ਮੁੱਦਿਆਂ ਬਾਰੇ ਗੰਭੀਰ ਨਹੀਂ ਹੈ, ਕਿਉਂਕਿ ਕੇਂਦਰ ਵਿਚ ਬੀਜੇਪੀ ਸਰਕਾਰ ਲਗਪਗ 10 ਸਾਲ ਤੋਂ ਸੱਤਾ ਵਿਚ ਹੋਣ ਦੇ ਬਾਵਜੂਦ ਕਿਸਾਨਾਂ ਅਤੇ ਆਮ ਲੋਕਾਂ ਦੇ ਹੱਕ ਵਿਚ ਭੁਗਤਣ ਦੀ ਬਜਾਏ ਕਾਰਪੋਰੇਟ ਘਰਾਣਿਆਂ ਦੇ ਪੱਖ ਵਿਚ ਭੁਗਤ ਰਹੀ ਹੈ ਜਿਸ ਦੇ ਸਿੱਟੇ ਵਜੋਂ ਦਿੱਲੀ ਵਿਖੇ ਸ਼ਾਂਤਮਈ ਤਰੀਕੇ ਆਪਣੇ ਹੱਕ ਮੰਗਣ ਲਈ ਜਾ ਰਹੇ ਕਿਸਾਨਾਂ ਨਾਲ ਅਣਮਨੁੱਖੀ ਤਸ਼ੱਦਦ ਢਾਹਿਆ ਜਾ ਰਿਹਾ ਹੈ।






Comments