google-site-verification=ILda1dC6H-W6AIvmbNGGfu4HX55pqigU6f5bwsHOTeM
top of page

ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ

  • Writer: Ludhiana Plus
    Ludhiana Plus
  • Apr 12
  • 2 min read

12/04/2025


>>>>ਪਿੰਡ ਜਹਾਂਗੀਰਪੁਰ 'ਚ ਨਵੇਂ ਪੰਚਾਇਤ ਘਰ ਦਾ ਨਿਰਮਾਣ

>>>> ਸੁਰਜੀਤ ਕਲੋਨੀ, ਮਾਡਲ ਕਲੋਨੀ ਤੇ ਪਿੰਡ ਜਗੀਰਪੁਰ ਦੀਆਂ ਗਲੀਆਂ ਦੀ ਵੀ ਕੀਤੀ ਜਾਵੇਗੀ ਉਸਾਰੀ

ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿੱਖਿਆ, ਸਿਹਤ ਸੇਵਾਵਾਂ ਅਤੇ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਚੋਣਾਂ ਦੌਰਾਨ ਪੰਜਾਬੀਆਂ ਨਾਲ ਕੀਤਾ ਹਰ ਇੱਕ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਰਾਹੋਂ ਰੋਡ 'ਤੇ ਸੁਰਜੀਤ ਕਲੋਨੀ, ਮਾਡਲ ਕਲੋਨੀ ਅਤੇ ਪਿੰਡ ਜਹਾਂਗੀਰਪੁਰ ਵਿਖੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਦਿਆਂ ਕੀਤਾ।

ਕੈਬਨਿਟ ਮੰਤਰੀ ਮੁੰਡੀਆਂ ਨੇ ਦੱਸਿਆ ਕਿ ਰਾਹੋਂ ਰੋਡ 'ਤੇ ਸੁਰਜੀਤ ਕਲੋਨੀ ਅਤੇ ਮਾਡਲ ਕਲੋਨੀ ਵਿੱਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ ਜਦਕਿ ਪਿੰਡ ਜਹਾਂਗੀਰਪੁਰ ਵਿਖੇ ਪੰਚਾਇਤ ਘਰ ਦੇ ਨਿਰਮਾਣ ਕਾਰਜ਼ ਸ਼ੁਰੂ ਕਰਵਾਏ ਗਏ ਹਨ।

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਕਰੀਬ 80 ਲੱਖ ਰੁਪਏ ਦੀ ਵਿਵੇਕੀ ਗ੍ਰਾਂਟ ਜਾਰੀ ਕੀਤੀ ਗਈ ਹੈ ਜਿਸਦੇ ਤਹਿਤ ਜੰਗੀ ਪੱਧਰ 'ਤੇ ਵਿਕਾਸ ਕਰਵਾਏ ਜਾਣੇ ਹਨ। ਉਨ੍ਹਾਂ ਦੱਸਿਆ ਕਿ ਪਿੰਡ ਜਗੀਰਪੁਰ ਦੇ ਪੰਚਾਇਤ ਘਰ 'ਤੇ ਕਰੀਬ 30 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਦੱਸਿਆ ਕਿ ਸੁਰਜੀਤ ਕਲੋਨੀ ਦੀਆਂ ਗਲੀਆਂ ਨਾਲੀਆਂ 'ਤੇ 7 ਲੱਖ ਰੁਪਏ ਜਦਕਿ ਮਾਡਲ ਕਲੋਨੀ ਅਤੇ ਪਿੰਡ ਜਹਾਂਗੀਰਪੁਰ ਦੀਆਂ ਗਲੀਆਂ-ਨਾਲੀਆਂ 'ਤੇ ਪੰਜ-ਪੰਜ ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਗਲੀਆਂ ਦਾ ਨਿਰਮਾਣ ਕਾਰਜ਼ਾਂ ਨਾਲ ਲੋਕਾਂ ਦੀ ਆਵਾਜਾਈ ਸੁਖਾਵੀਂ ਹੋਵੇਗੀ ਅਤੇ ਵਿਕਾਸ ਦਾ ਰਾਹ ਪੱਧਰਾ ਹੋਵੇਗਾ।

ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਸੂਬੇ ਭਰ ਵਿੱਚ ਵਿਕਾਸ ਕਾਰਜ਼ਾਂ ਦੀ ਹਨੇਰੀ ਚੱਲ ਰਹੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਵਿਕਾਸ ਪ੍ਰੋਜੈਕਟਾਂ ਲਈ ਗ੍ਰਾਂਟਾਂ ਦੇ ਗੱਫੇ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਵੱਖ-ਵੱਖ ਪਿੰਡਾਂ ਵਿੱਚ ਪੰਚਾਇਤ ਘਰ, ਕਮਿਊਨਿਟੀ ਸੈਂਟਰ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਦਿਆਂ ਖੇਡਾਂ ਨਾਲ ਜੋੜਨ ਲਈ ਪਿੰਡਾਂ ਵਿੱਚ ਖੇਡ ਗਰਾਊਂਡਾਂ ਦੀ ਵੀ ਉਸਾਰੀ ਕੀਤੀ ਜਾਣੀ ਹੈ।

ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਜਵਾਨੀ ਨੂੰ ਬਚਾਉਣ ਲਈ ਸੁਹਿਰਦ ਯਤਨ ਕਰ ਰਹੀ ਹੈ ਅਤੇ 'ਯੁੱਧ ਨਸ਼ਿਆਂ ਵਿਰੁੱਧ' ਪਹਿਲਕਦਮੀ ਤਹਿਤ ਨਸ਼ੇ ਦੇ ਸੌਦਾਗਰਾਂ 'ਤੇ ਲਗਾਤਾਰ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਇਸ ਤੋਂ ਇਲਾਵਾ 'ਪੰਜਾਬ ਸਿੱਖਿਆ ਕ੍ਰਾਂਤੀ' ਤਹਿਤ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਵੀ ਸੁਧਾਰ ਕੀਤੇ ਜਾ ਰਹੇ ਹਨ।

ਇਸ ਮੌਕੇ ਪਿੰਡ ਵਾਸੀਆਂ ਵੱਲੋਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਵਿਸ਼ੇਸ਼ ਸਨਮਾਨ ਕਰਦਿਆਂ ਵਿਕਾਸ ਕਾਰਜ਼ਾਂ ਲਈ ਧੰਨਵਾਦ ਵੀ ਕੀਤਾ ਗਿਆ।

Comments


Logo-LudhianaPlusColorChange_edited.png
bottom of page