ਖੰਨਾ ਪੁਲਿਸ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਇੱਕ ਦਿਨ 'ਚ 66 ਸੰਪਰਕ ਮੀਟਿੰਗਾਂ
- Ludhiana Plus
- Mar 22
- 1 min read
ਖੰਨਾ, 22 ਮਾਰਚ

ਲੋਕਾਂ ਦਾ ਸਹਿਯੋਗ ਲੈ ਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਮੁਹਿੰਮ ਨੂੰ ਜਾਰੀ ਰੱਖਦਿਆਂ, ਖੰਨਾ ਪੁਲਿਸ ਵੱਲੋਂ ਸਬ-ਡਵੀਜ਼ਨ ਅਧੀਨ ਪੈਂਦੇ 66 ਪਿੰਡਾਂ ਵਿੱਚ ਸੰਪਰਕ ਮੀਟਿੰਗਾਂ ਕੀਤੀਆਂ ਗਈਆਂ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਡਾ. ਜੋਤੀ ਯਾਦਵ ਬੈਂਸ ਨੇ ਦੱਸਿਆ ਕਿ ਪਿੰਡ ਬਚਾਓ ਕਮੇਟੀਆਂ, ਸਰਪੰਚਾਂ, ਪਿੰਡ ਵਾਸੀਆਂ ਅਤੇ ਹੋਰ ਪ੍ਰਮੁੱਖ ਭਾਈਵਾਲਾਂ ਨਾਲ ਕੁੱਲ 66 ਇੰਟਰਐਕਟਿਵ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗਾਂ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮਿਸ਼ਨ 'ਯੁੱਧ ਨਸ਼ਿਆ ਵਿਰੁੱਧ' ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਨਸ਼ਾ ਤਸਕਰਾਂ ਅਤੇ ਨਸ਼ਾ ਕਰਨ ਵਾਲਿਆਂ ਬਾਰੇ ਜਾਣਕਾਰੀ ਸਾਂਝੀ ਕਰਕੇ ਨਸ਼ਿਆਂ ਦੀ ਸਮੱਸਿਆ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰਨ 'ਤੇ ਕੇਂਦਰਿਤ ਕੀਤਾ ਗਿਆ।

ਐਸ.ਐਸ.ਪੀ. ਬੈਂਸ ਨੇ ਨਸ਼ਿਆਂ ਦੇ ਨੈੱਟਵਰਕ ਦਾ ਸਫਾਇਆ ਕਰਨ ਅਤੇ ਨੇੜਲੇ ਕੇਂਦਰਾਂ ਵਿੱਚ ਨਸ਼ੇ ਤੋਂ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਪੰਜਾਬ ਪੁਲਿਸ ਦੀ ਵਚਨਬੱਧਤਾ ਨੂੰ ਦੁਹਰਾਇਆ। ਪਿੰਡ ਵਾਸੀਆਂ ਨੂੰ ਨਸ਼ਾ ਤਸਕਰੀ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਪੁਲਿਸ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਐਸ.ਐਸ.ਪੀ. ਡਾ. ਜੋਤੀ ਯਾਦਵ ਬੈਂਸ ਨੇ ਇਹ ਵੀ ਕਿਹਾ ਕਿ ਸੂਬੇ ਦੀ ਨੌਜਵਾਨੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣ ਲਈ ਇਸ ਮੁਹਿੰਮ ਵਿੱਚ ਖੁੱਲ੍ਹੇ ਦਿਲ ਨਾਲ ਯੋਗਦਾਨ ਪਾਉਣਾ ਹਰੇਕ ਦਾ ਨੈਤਿਕ ਫਰਜ਼ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਜਿਹੇ ਅਣਥੱਕ ਯਤਨਾਂ ਨਾਲ ਹੀ ਪੰਜਾਬ ਨੂੰ ਨਸ਼ਾ ਮੁਕਤ, ਸਿਹਤਮੰਦ ਅਤੇ ਖੁਸ਼ਹਾਲ ਸੂਬਾ ਬਣਾਇਆ ਜਾ ਸਕਦਾ ਹੈ।
Comments