ਨਿਗਮ ਚੋਣਾਂ : ਹਾਈ ਕੋਰਟ 'ਚ ਸਰਕਾਰ ਨੇ ਕਿਹਾ, ਅੱਜ ਹੀ ਹੋਵੇਗਾ ਸ਼ਡਿਊਲ, ਪਰ ਨਹੀਂ ਕੀਤਾ ਜਾਰੀ
- bhagattanya93
- Nov 29, 2024
- 2 min read
29/11/2024

ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਰਾਜ ਚੋਣ ਕਮਿਸ਼ਨ ਵੱਲੋਂ 5 ਨਗਰ ਨਿਗਮਾਂ ਅਤੇ 42 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਸ਼ਡਿਊਲ ਜਾਰੀ ਨਾ ਕਰਨ ਸਬੰਧੀ ਹਾਈ ਕੋਰਟ ਵਿੱਚ ਅੱਜ ਸਵੇਰੇ ਅਦਾਲਤ ਵਿੱਚ ਪਾਈ ਗਈ ਮਾਣਹਾਨੀ ਦੀ ਪਟੀਸ਼ਨ ਦਾ ਜ਼ਿਕਰ ਕਰਦਿਆਂ ਇਸ ’ਤੇ ਤੁਰੰਤ ਸੁਣਵਾਈ ਕਰਨ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਨੇ ਮੈਂਨਸ਼ਿੰਗ ਕੀਤੀ ਤਾਂ ਪੰਜਾਬ ਦੇ ਸਰਕਾਰੀ ਵਕੀਲ ਨੇ ਹਾਈ ਕੋਰਟ ਨੂੰ ਭਰੋਸਾ ਦਿਵਾਇਆ ਕਿ ਰਾਜ ਚੋਣ ਕਮਿਸ਼ਨ ਅੱਜ ਹੀ ਨੋਟੀਫਿਕੇਸ਼ਨ ਜਾਰੀ ਕਰੇਗਾ। ਇਸ 'ਤੇ ਹਾਈ ਕੋਰਟ ਨੇ ਪਟੀਸ਼ਨਕਰਤਾ ਨੂੰ ਕਿਹਾ ਕਿ ਉਹ ਅੱਜ ਅਤੇ ਕੱਲ੍ਹ ਦਾ ਇੰਤਜ਼ਾਰ ਕਰਨ, ਜੇਕਰ ਇਸ ਸਮੇਂ ਦੌਰਾਨ ਵੀ ਰਾਜ ਚੋਣ ਕਮਿਸ਼ਨ ਨੋਟੀਫਿਕੇਸ਼ਨ ਜਾਰੀ ਨਹੀਂ ਕਰਦਾ ਹੈ ਤਾਂ ਇਸ ਪਟੀਸ਼ਨ 'ਤੇ ਸੋਮਵਾਰ ਨੂੰ ਸੁਣਵਾਈ ਹੋਵੇਗੀ। ਹਾਲਾਂਕਿ ਰਾਜ ਚੋਣ ਕਮਿਸ਼ਨ ਨੇ ਦੇਰ ਸ਼ਾਮ ਤੱਕ ਸ਼ਡਿਊਲ ਜਾਰੀ ਨਹੀਂ ਕੀਤਾ ਸੀ।
ਜਾਣਕਾਰੀ ਅਨੁਸਾਰ ਰਾਜ ਚੋਣ ਕਮਿਸ਼ਨ ਇੱਕ ਸੁਤੰਤਰ ਸੰਸਥਾ ਹੈ। ਜਦੋਂ ਕਿ ਪੰਜਾਬ ਸਰਕਾਰ ਦੇ ਖਿਲਾਫ ਹਾਈ ਕੋਰਟ ਵਿੱਚ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਗਈ ਹੈ। ਸੂਤਰ ਦੱਸਦੇ ਹਨ ਕਿ ਰਾਜ ਚੋਣ ਕਮਿਸ਼ਨ ਨੂੰ ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਨੂੰ ਦਿੱਤੇ ਭਰੋਸੇ ਦੀ ਵੀ ਜਾਣਕਾਰੀ ਨਹੀਂ ਸੀ। ਤੁਹਾਨੂੰ ਦੱਸ ਦੇਈਏ ਕਿ 23 ਸਤੰਬਰ ਨੂੰ ਸਥਾਨਕ ਸਰਕਾਰਾਂ ਨੇ 5 ਨਗਰ ਨਿਗਮਾਂ ਅਤੇ 42 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਹ ਚੋਣ ਲੰਮੇ ਸਮੇਂ ਤੋਂ ਕਾਨੂੰਨੀ ਮੁਸੀਬਤਾਂ ਵਿੱਚ ਫਸੀ ਹੋਈ ਹੈ। ਇਸ ਤੋਂ ਪਹਿਲਾਂ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ 8 ਹਫ਼ਤਿਆਂ ਵਿੱਚ ਚੋਣਾਂ ਕਰਵਾਉਣ ਲਈ ਕਿਹਾ ਸੀ। ਹਾਈਕੋਰਟ ਦੇ ਇਸ ਫੈਸਲੇ ਖਿਲਾਫ ਪੰਜਾਬ ਸਰਕਾਰ ਸੁਪਰੀਮ ਕੋਰਟ ਗਈ ਸੀ ਪਰ ਸੁਪਰੀਮ ਕੋਰਟ ਨੇ ਵੀ ਪੰਜਾਬ ਸਰਕਾਰ ਨੂੰ ਕੋਈ ਰਾਹਤ ਨਹੀਂ ਦਿੱਤੀ।
ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਅਤੇ ਫਗਵਾੜਾ ਨਗਰ ਨਿਗਮਾਂ ਦੀਆਂ ਚੋਣਾਂ ਹੋਣੀਆਂ ਹਨ। ਇਨ੍ਹਾਂ ਨਗਰ ਨਿਗਮਾਂ ਵਿੱਚ ਇਸ ਗੱਲ ਨੂੰ ਲੈ ਕੇ ਭੰਬਲਭੂਸਾ ਬਣਿਆ ਹੋਇਆ ਹੈ ਕਿ ਚੋਣਾਂ ਪੁਰਾਣੇ ਵਾਰਡਾਂ ਅਨੁਸਾਰ ਕਰਵਾਈਆਂ ਜਾਣਗੀਆਂ ਜਾਂ ਨਵੇਂ ਵਾਰਡਬੰਦੀਆਂ ਅਨੁਸਾਰ। ਜਾਣਕਾਰੀ ਅਨੁਸਾਰ ਇਹੀ ਕਾਰਨ ਹੈ ਕਿ ਰਾਜ ਚੋਣ ਕਮਿਸ਼ਨ ਚੋਣ ਪ੍ਰੋਗਰਾਮ ਜਾਰੀ ਨਹੀਂ ਕਰ ਸਕਿਆ ਹੈ।





Comments