ਪੰਜਾਬ 'ਚ ‘ਆਪ’ ਦੇ 92 ਵਿਧਾਇਕ ਬੰਧੂਆ ਮਜ਼ਦੂਰ, ਕਾਂਗਰਸ ਨੂੰ ‘ਆਪ’ ਨਾਲ ਗੱਠਜੋੜ ਦੀ ਲੋੜ ਨਹੀਂ : ਖਹਿਰਾ
- bhagattanya93
- Jan 21, 2024
- 1 min read
21/01/2024
ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਪੰਜਾਬ ਵਿਚ ਭਾਜਪਾ ਨੂੰ ਹਰਾਉਣ ਲਈ ਕਾਂਗਰਸ ਨੂੰ ਆਮ ਆਦਮੀ ਪਾਰਟੀ ਨਾਲ ਗੱਠਜੋੜ ਦੀ ਲੋੜ ਨਹੀਂ ਹੈ ਪਰ ਇਸ ਦੇ ਬਾਵਜੂਦ ਅਸੀਂ ਸਾਰੇ ਕਾਂਗਰਸੀ ਵਰਕਰ ਇਸ ਮੁੱਦੇ ’ਤੇ ਆਪਣੀ ਪਾਰਟੀ ਨਾਲ ਚੱਟਾਨ ਵਾਂਗ ਖੜ੍ਹੇ ਹਾਂ। ਸ਼ਨਿਚਰਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਖਹਿਰਾ ਨੇ ਸਪੱਸ਼ਟ ਕੀਤਾ ਕਿ ‘ਆਪ’ ਸਰਕਾਰ ਬਦਲੇ ਦੀ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਪੂਰੀ ਤਰ੍ਹਾਂ ਬੇਕਸੂਰ ਹਨ ਪਰ ਬਦਲੇ ਦੀ ਭਾਵਨਾ ਕਾਰਨ ਸਰਕਾਰ ਨੇ ਝੂਠੇ ਕੇਸ ਤਹਿਤ ਜੇਲ੍ਹ ਭੇਜ ਦਿੱਤਾ।
ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਸਰਕਾਰ ਨੇ ਉਨ੍ਹਾਂ ਖ਼ਿਲਾਫ਼ ਕੇਸ ਲੜਨ ਲਈ ਵਕੀਲਾਂ ’ਤੇ 5 ਕਰੋੜ ਰੁਪਏ ਖ਼ਰਚ ਕੀਤੇ ਹਨ। ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਗੱਠਜੋੜਾਂ ਦਾ ਸਵਾਲ ਹੈ, ਇਕ ਪਾਸੇ ਤਾਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਕਾਂਗਰਸ ਹਾਈ ਕਮਾਂਡ ਦੇ ਆਗੂਆਂ ਦਾ ਗੁਲਦਸਤੇ ਨਾਲ ਸ਼ਾਨਦਾਰ ਸਵਾਗਤ ਕਰਦੇ ਹਨ ਜਦਕਿ ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਕਾਂਗਰਸੀਆਂ ’ਤੇ ਝੂਠੇ ਕੇਸ ਦਰਜ ਕਰ ਰਹੇ ਹਨ। ‘ਆਪ’ ਦੋਗਲੀ ਰਣਨੀਤੀ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭਾਜਪਾ ਦਾ ਕੋਈ ਵਜੂਦ ਨਹੀਂ ਹੈ, ਇਸ ਲਈ ਪੰਜਾਬ ਵਿਚ ‘ਆਪ’ ਅਤੇ ਕਾਂਗਰਸ ਦੇ ਗੱਠਜੋੜ ਦਾ ਕੋਈ ਫ਼ਾਇਦਾ ਨਹੀਂ ਹੈ। ਫਿਰ ਵੀ ਇਸ ਸਬੰਧੀ ਹਾਈ ਕਮਾਂਡ ਜੋ ਵੀ ਫ਼ੈਸਲਾ ਲਵੇਗੀ, ਸਾਰੇ ਵਰਕਰਾਂ ਨੂੰ ਪ੍ਰਵਾਨ ਹੋਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਉਨ੍ਹਾਂ ਦੀ ਜ਼ਮਾਨਤ ਰੱਦ ਕਰਵਾਉਣ ਲਈ ਸੁਪਰੀਮ ਕੋਰਟ ਤੱਕ ਵੀ ਪਹੁੰਚ ਕੀਤੀ ਪਰ ਸੁਪਰੀਮ ਕੋਰਟ ਨੇ ਵੀ ਸੂਬਾ ਸਰਕਾਰ ਦੀ ਗੱਲ ਨਹੀਂ ਸੁਣੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ‘ਆਪ’ ਦੇ 92 ਵਿਧਾਇਕ ਹਨ ਜੋ ਸਿਰਫ਼ ਬੰਧੂਆ ਮਜ਼ਦੂਰ ਹਨ, ਉਹ ਪਾਰਟੀ ਅਤੇ ਸਰਕਾਰ ਲਈ ਬੰਧੂਆ ਮਜ਼ਦੂਰਾਂ ਵਾਂਗ ਕੰਮ ਕਰ ਰਹੇ ਹਨ। ਇਨ੍ਹਾਂ ਦੇ ਹੱਥ ਬੰਨ੍ਹੇ ਹੋਏ ਹਨ, ਇਨ੍ਹਾਂ ਨੂੰ ਕੋਈ ਨਹੀਂ ਪੁੱਛਦਾ।






Comments