google-site-verification=ILda1dC6H-W6AIvmbNGGfu4HX55pqigU6f5bwsHOTeM
top of page

ਪੰਜਾਬ ਕੋਲ ਹੋਰਨਾਂ ਸੂਬਿਆਂ ਨੂੰ ਦੇਣ ਲਈ ਇੱਕ ਬੂੰਦ ਪਾਣੀ ਵੀ ਵਾਧੂ ਨਹੀਂ : CM Mann

  • Writer: Ludhiana Plus
    Ludhiana Plus
  • Feb 20
  • 2 min read

20/02/2025

ree

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸਪੱਸ਼ਟ ਤੌਰ ’ਤੇ ਕਿਹਾ ਕਿ ਸੂਬੇ ਕੋਲ ਦੂਜੇ ਸੂਬਿਆਂ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਵਾਧੂ ਨਹੀਂ ਹੈ।


ਚੇਅਰਮੈਨ ਜਸਟਿਸ ਵਿਨੀਤ ਸਰਨ ਦੀ ਅਗਵਾਈ ਵਾਲੀ ਟ੍ਰਿਬਿਊਨਲ, ਮੈਂਬਰਾਨ ਜਸਟਿਸ ਪੀ ਨਵੀਨ ਰਾਓ ਅਤੇ ਜਸਟਿਸ ਸੁਮਨ ਸ਼ਿਆਮ ਅਤੇ ਰਜਿਸਟਰਾਰ ਰੀਟਾ ਚੋਪੜਾ ਨਾਲ ਕੀਤੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬੇ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਕੋਈ ਵਾਧੂ ਪਾਣੀ ਉਪਲਬਧ ਨਹੀਂ ਹੈ ਅਤੇ ਕਿਸੇ ਨਾਲ ਇੱਕ ਵੀ ਬੂੰਦ ਪਾਣੀ ਸਾਂਝਾ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਰਾਜ ਨਾਲ ਸਾਂਝਾ ਕਰਨ ਲਈ ਵਾਧੂ ਪਾਣੀ ਨਹੀਂ ਹੈ ਅਤੇ ਅੰਤਰਰਾਸ਼ਟਰੀ ਨਿਯਮਾਂ ਅਨੁਸਾਰ ਪਾਣੀ ਦੀ ਉਪਲਬਧਤਾ ਦਾ ਮੁੜ ਮੁਲਾਂਕਣ ਕਰਨ ਦੀ ਲੋੜ ਹੈ। ਮਾਨ ਨੇ ਰਾਵੀ ਜਲ ਪ੍ਰਣਾਲੀ ਨੂੰ ਵਾਚਣ ਲਈ ਸੂਬੇ ਦੇ ਦੌਰੇ ’ਤੇ ਆਏ ਟ੍ਰਿਬਿਊਨਲ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਲੋਕਾਂ ਨੂੰ ਇਨਸਾਫ਼ ਦਿਵਾਏ।


ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ 76.5 ਫੀਸਦੀ ਬਲਾਕ (153 ਵਿੱਚੋਂ 117) ਦੀ ਸਥਿਤੀ ਬਹੁਤ ਗੰਭੀਰ ਹੈ ਕਿਉਂਕਿ ਜਿੱਥੇ ਜ਼ਮੀਨੀ ਪਾਣੀ ਕੱਢਣ ਦੀ ਦਰ 100 ਫੀਸਦੀ ਤੋਂ ਵੀ ਵੱਧ ਹੈ, ਜਦੋਂ ਕਿ ਹਰਿਆਣਾ ਵਿੱਚ ਮਹਿਜ਼ 61.5 ਫੀਸਦੀ ਬਲਾਕ (143 ਵਿੱਚੋਂ 88) ਅਤਿ- ਸ਼ੋਸ਼ਿਤ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਜ਼ਿਆਦਾਤਰ ਦਰਿਆਈ ਸਰੋਤ ਸੁੱਕ ਚੁੱਕੇ ਹਨ, ਇਸ ਲਈ ਪੰਜਾਬ ਨੂੰ ਆਪਣੀਆਂ ਸਿੰਚਾਈ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਹੋਰ ਪਾਣੀ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਥਿਤੀ ਇੰਨੀ ਗੰਭੀਰ ਹੈ ਕਿ ਪੰਜਾਬ ‘ਚ ਪਾਣੀ ਦੀ ਇੰਨੀ ਘਾਟ ਹੋਣ ਦੇ ਬਾਵਜੂਦ ਦੂਜਿਆਂ ਸੂਬਿਆਂ ਲਈ ਅਨਾਜ ਪੈਦਾ ਕਰ ਰਿਹਾ ਹੈ ਤਾਂ ਕਿ ਪੂਰੇ ਦੇਸ਼ ਨੂੰ ਅੰਨ ਦੀ ਕਿੱਲਤ ਦਾ ਸਾਹਮਣਾ ਨਾ ਕਰਨਾ ਪਵੇ।


ਮੁੱਖ ਮੰਤਰੀ ਨੇ ਟ੍ਰਿਬਿਊਨਲ ਨੂੰ ਦੱਸਿਆ ਕਿ ਰਾਵੀ ਅਤੇ ਬਿਆਸ ਦਰਿਆਵਾਂ ਵਾਂਗ ਯਮੁਨਾ ਨਦੀ ਵੀ ਪੁਨਰਗਠਨ ਤੋਂ ਪਹਿਲਾਂ ਪੰਜਾਬ ਦੇ ਪੁਰਾਣੇ ਸੂਬਾਈ ਰਕਬੇ ਵਿੱਚੋਂ ਲੰਘਦੀ ਸੀ, ਪਰ ਦਰਿਆਈ ਪਾਣੀਆਂ ਦੀ ਵੰਡ ਕਰਦੇ ਸਮੇਂ, ਪੰਜਾਬ ਅਤੇ ਹਰਿਆਣਾ ਵਿਚਕਾਰ, ਯਮੁਨਾ ਦੇ ਪਾਣੀਆਂ ’ਤੇ ਵਿਚਾਰ ਨਹੀਂ ਕੀਤਾ ਗਿਆ, ਜਦੋਂਕਿ ਵੰਡ ਲਈ ਰਾਵੀ ਅਤੇ ਬਿਆਸ ਦੇ ਪਾਣੀਆਂ ਨੂੰ ਧਿਆਨ ਵਿੱਚ ਰੱਖਿਆ ਗਿਆ ਸੀ। ਸੂਬੇ ਵੱਲੋਂ ਕਈ ਵਾਰ ਯਮੁਨਾ ਦੇ ਪਾਣੀਆਂ ਦੀ ਵੰਡ ਲਈ ਗੱਲਬਾਤ ਵਿੱਚ ਆਪਣੀ ਸ਼ਮੂਲੀਅਤ ਤੇ ਸਰੋਕਾਰ ਦਰਸਾਉਣ ਲਈ ਬੇਨਤੀ ਕੀਤੀ ਗਈ ਹੈ , ਪਰ ਸਾਡੀ ਬੇਨਤੀ ’ਤੇ ਇਸ ਆਧਾਰ ’ਤੇ ਵਿਚਾਰ ਨਹੀਂ ਕੀਤਾ ਗਿਆ ਕਿ ਪੰਜਾਬ ਦਾ ਕੋਈ ਵੀ ਭੂਗੋਲਿਕ ਖੇਤਰ ਯਮੁਨਾ ਬੇਸਿਨ ਵਿੱਚ ਨਹੀਂ ਆਉਂਦਾ। ਮਾਨ ਨੇ ਕਿਹਾ ਕਿ ਹਰਿਆਣਾ ਰਾਵੀ ਅਤੇ ਬਿਆਸ ਦਰਿਆਵਾਂ ਦਾ ਬੇਸਿਨ ਸੂਬਾ ਨਹੀਂ ਹੈ, ਪਰ ਪੰਜਾਬ ਨੂੰ ਇਨ੍ਹਾਂ ਦਰਿਆਵਾਂ ਦਾ ਪਾਣੀ ਹਰਿਆਣਾ ਨਾਲ ਸਾਂਝਾ ਕਰਨ ਲਈ ਮਜਬੂਰ ਕੀਤਾ ਜਾਂਦਾ ਹੈ। ਜੇਕਰ ਹਰਿਆਣਾ ਨੂੰ ਪੰਜਾਬ ਦੇ ਉੱਤਰਾਧਿਕਾਰੀ ਰਾਜ ਵਜੋਂ ਰਾਵੀ-ਬਿਆਸ ਦਾ ਪਾਣੀ ਮਿਲਦਾ ਹੈ, ਤਾਂ ਉਸੇ ਸਮਾਨਤਾ ਦੇ ਆਧਾਰ ’ਤੇ, ਯਮੁਨਾ ਦਾ ਪਾਣੀ ਵੀ ਪੰਜਾਬ ਦੇ ਉੱਤਰਾਧਿਕਾਰੀ ਰਾਜ ਵਜੋਂ ਸਾਂਝਾ ਕੀਤਾ ਜਾਣਾ ਚਾਹੀਦਾ ਹੈ।

Comments


Logo-LudhianaPlusColorChange_edited.png
bottom of page