ਬਾਦਲ ਨੇ ਕੇਜਰੀਵਾਲ ਖ਼ਿਲਾਫ਼ ਕੇਸ ਕਰਨ ਦੀ ਕੀਤੀ ਮੰਗ, ਕਿਹਾ- ਬੇਅਦਬੀ ਮਾਮਲੇ ਦੀ ਜਾਂਚ ਹੋਵੇ ਤਾਂ ‘ਆਪ’ ਦੀ ਭੂਮਿਕਾ ਹੋ ਜਾਵੇਗੀ ਬੇਨਕਾਬ
- bhagattanya93
- Jul 20
- 2 min read
20/07/2025

ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਖ਼ਿਲਾਫ਼ ਪਾਰਟੀ ਵਿਧਾਇਕ ਨਰੇਸ਼ ਯਾਦਵ ਨੂੰ ਕਲੀਨ ਚਿੱਟ ਦਿਵਾਉਣ ਦੀ ਕੋਸ਼ਿਸ਼ ਕਰਨ ਲਈ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਯਾਦਵ ਨੂੰ ਪਵਿੱਤਰ ਕੁਰਾਨ ਸ਼ਰੀਫ ਦੀ ਬੇਅਦਬੀ ਲਈ ਦੋਸ਼ੀ ਠਹਿਰਾਇਆ ਗਿਆ ਸੀ, ਦਿੱਲੀ ਦੀਆਂ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਕੇਜਰੀਵਾਲ ਨੇ ਯਾਦਵ ਨੂੰ ਦਿੱਲੀ ਦੇ ਮਹਿਰੌਲੀ ਤੋਂ ਪਾਰਟੀ ਦਾ ਉਮੀਦਵਾਰ ਬਣਾ ਕੇ ਸ਼ਹਿ ਦਿੱਤੀ ਸੀ।

ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਮੰਗ ਕੀਤੀ ਕਿ ਕੈਬਨਿਟ ਮੰਤਰੀਆਂ ਹਰਪਾਲ ਚੀਮਾ ਤੇ ਹਰਜੋਤ ਬੈਂਸ ਦੇ ਖ਼ਿਲਾਫ਼ ਆਪਣੀ ਹੀ ਪਾਰਟੀ ਦੇ ਇਕ ਬੇਅਦਬੀ ਦੇ ਦੋਸ਼ੀ ਨੂੰ ਜਾਣਬੁੱਝ ਕੇ ਬਚਾਉਣ ਲਈ ਕਾਰਵਾਈ ਕਰਕੇ ਉਨ੍ਹਾਂ ਨੂੰ ਤੁਰੰਤ ਮੰਤਰੀ ਮੰਡਲ ਤੋਂ ਬਰਖਾਸਤ ਕੀਤਾ ਜਾਵੇ।

ਬਾਦਲ ਨੇ ਕਿਹਾ ਕਿ ਨਰੇਸ਼ ਯਾਦਵ ਨੂੰ ਦੋਸ਼ੀ ਠਹਿਰਾਏ ਜਾਣ ਨੇ ਇਹ ਸਾਬਤ ਕਰ ਦਿੱਤਾ ਕਿ ਪੰਜਾਬ ਵਿਚ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀ ਸ਼ੁਰੂਆਤ ਪੰਜਾਬ ਦੀ ਰਾਜਨੀਤੀ ਵਿਚ ‘ਆਪ’ ਦੇ ਆਉਣ ਤੋਂ ਬਾਅਦ ਹੀ ਸ਼ੁਰੂ ਹੋਈ। ਉਨ੍ਹਾਂ ਕਿਹਾ ਕਿ ਅਸੀਂ 2015 ਦੇ ਬੇਅਦਬੀ ਮਾਮਲੇ ਦੀ ਸੁਪਰੀਮ ਕੋਰਟ ਜਾਂ ਹਾਈ ਕੋਰਟ ਦੀ ਨਿਗਰਾਨੀ ’ਚ ਜਾਂਚ ਦੀ ਮੰਗ ਕਰਦੇ ਹਾਂ ਅਤੇ ਸਾਨੂੰ ਪੂਰਾ ਯਕੀਨ ਹੈ ਕਿ ਇਨ੍ਹਾਂ ਅਪਰਾਧਾਂ ’ਚ ‘ਆਪ’ ਦੀ ਭੂਮਿਕਾ ਬੇਨਕਾਬ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ੋ੍ਮਣੀ ਅਕਾਲੀ ਦਲ ਹਾਈ ਕੋਰਟ ਵਿਚ ਬੇਅਦਬੀ ਦੇ ਸਾਰੇ ਮਾਮਲਿਆਂ ਦੀ ਜਾਂਚ ਲਈ ਵਿਸ਼ੇਸ਼ ਜੱਜ ਨਿਯੁਕਤ ਕਰਨ ਦੀ ਵੀ ਮੰਗ ਕਰੇਗਾ।
ਅਕਾਲੀ ਦਲ ਦੇ ਪ੍ਰਧਾਨ ਨੇ ਕਾਂਗਰਸ ਦੇ ਦੋ ਸੀਨੀਅਰ ਨੇਤਾਵਾਂ ਪ੍ਰਗਟ ਸਿੰਘ ਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੇ ਜੋ ਵਿਧਾਨ ਸਭਾ ’ਚ ਅਤੇ ਬਾਹਰ ਮੰਨਿਆ ਕਿ ਪਿਛਲੀ ਕਾਂਗਰਸ ਸਰਕਾਰ ਨੇ ਬੇਅਦਬੀ ਦੇ ਸੰਵੇਦਨਸ਼ੀਲ ਮੁੱਦੇ ’ਤੇ ਰਾਜਨੀਤੀ ਕੀਤੀ ਅਤੇ ਇੱਥੋਂ ਤੱਕ ਕਿ ਮੁਲਜ਼ਮਾਂ ਨੂੰ ਬਚਾਇਆ, ਜੇ ਇਹ ਦੋਵੇਂ ਨੇਤਾ ਸੱਚਾ ਸਿੱਖ ਹਨ ਅਤੇ ਆਪਣੇ ਦਾਅਵੇ ਅਨੁਸਾਰ ਸੱਚਾਈ ’ਤੇ ਕਾਇਮ ਹਨ ਤਾਂ ਉਹ ਉਨ੍ਹਾਂ ਕਾਂਗਰਸੀ ਆਗੂਆਂ ਦੇ ਨਾਂ ਦੱਸਣ ਜਿਨ੍ਹਾਂ ਨੇ ਬੇਅਦਬੀ ਦੇ ਦੋਸ਼ੀਆਂ ਨੂੰ ਬਚਾਇਆ ਸੀ। ਜੇ ਉਹ ਅਜਿਹਾ ਨਹੀਂ ਕਰਦੇ ਹਨ ਤਾਂ ਇਹ ਮੰਨਿਆ ਜਾਵੇਗਾ ਕਿ ਇਨ੍ਹਾਂ ਅਪਰਾਧਾਂ ਵਿਚ ਉਨ੍ਹਾਂ ਦਾ ਵੀ ਹੱਥ ਸੀ।





Comments