ਭਾਰੀ ਮੀਂਹ ਕਾਰਨ ਸਿੱਖਿਆ ਮੰਤਰੀ ਵੱਲੋਂ ਸਕੂਲਾਂ ਵਿਚ ਛੁੱਟੀਆਂ ਵਧਾਈਆਂ
- bhagattanya93
- Sep 1
- 1 min read
01/09/2025

ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਅਤੇ ਹੜ੍ਹਾਂ ਨੇ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਹੈ। ਮੌਜੂਦਾ ਹਾਲਾਤ ਨੂੰ ਧਿਆਨ ਵਿੱਚ ਰੱਖਦੇ ਹੋਏ, ਪੰਜਾਬ ਸਰਕਾਰ ਨੇ ਸਾਰੇ ਕਾਲਜ, ਯੂਨੀਵਰਸਿਟੀਆਂ ਅਤੇ ਪੌਲੀਟੈਕਨਿਕ ਸੰਸਥਾਵਾਂ ਨੂੰ ਤੁਰੰਤ ਪ੍ਰਭਾਵ ਨਾਲ 3 ਸਤੰਬਰ 2025 ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ ।
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ (Twitter/X) ਰਾਹੀਂ ਜਾਣਕਾਰੀ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਸਾਡੀ ਪਹਿਲ ਹੈ। ਇਸੇ ਕਾਰਨ ਸਰਕਾਰ ਨੇ ਇਹ ਕਦਮ ਚੁੱਕਿਆ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ । ਉਨ੍ਹਾਂ ਸਪੱਸ਼ਟ ਕੀਤਾ ਕਿ ਹੋਸਟਲ ਵਿੱਚ ਰਹਿਣ ਵਾਲੇ ਵਿਦਿਆਰਥੀਆਂ ਦੀ ਦੇਖਭਾਲ ਦੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਸਬੰਧਤ ਸੰਸਥਾ ਦੇ ਪ੍ਰਸ਼ਾਸਨ ਦੀ ਹੋਵੇਗੀ।
ਹਰਜੋਤ ਬੈਂਸ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਥਾਨਕ ਪ੍ਰਸ਼ਾਸਨ ਅਤੇ ਸੰਸਥਾਵਾਂ ਵੱਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ। ਕਿਸੇ ਵੀ ਐਮਰਜੈਂਸੀ ਜਾਂ ਲੋੜ ਪੈਣ 'ਤੇ ਸਬੰਧਤ ਪ੍ਰਸ਼ਾਸਨ ਨਾਲ ਸੰਪਰਕ ਕਰਨ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਅਤੇ ਪਾਣੀ ਭਰਨ ਦੀ ਸਥਿਤੀ ਪੈਦਾ ਹੋ ਗਈ ਹੈ। ਕਈ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਸੜਕਾਂ ਪਾਣੀ ਵਿੱਚ ਡੁੱਬੀਆਂ ਹੋਈਆਂ ਹਨ, ਜਿਸ ਨਾਲ ਸਕੂਲ ਅਤੇ ਕਾਲਜਾਂ ਤੱਕ ਪਹੁੰਚਣਾ ਮੁਸ਼ਕਲ ਹੋ ਗਿਆ ਹੈ । ਇਸੇ ਕਰਕੇ ਸਿੱਖਿਆ ਵਿਭਾਗ ਨੇ ਪਹਿਲਾਂ ਸਕੂਲਾਂ ਦੀਆਂ ਛੁੱਟੀਆਂ ਨੂੰ ਅੱਗੇ ਵਧਾਇਆ ਸੀ , ਹੁਣ ਕਾਲਜ, ਯੂਨੀਵਰਸਿਟੀ ਅਤੇ ਪੌਲੀਟੈਕਨਿਕ ਵੀ 3 ਸਤੰਬਰ ਤੱਕ ਬੰਦ ਰਹਿਣਗੇ।






Comments