ਮੁੱਖ ਮੰਤਰੀ ਨੇ ਪੰਜਾਬ 'ਚ ਹੜ੍ਹ ਸੁਰੱਖਿਆ ਪ੍ਰਬੰਧਾਂ ਲਈ 120 ਕਰੋੜ ਰੁਪਏ ਦੀ ਦਿੱਤੀ ਮਨਜ਼ੂਰੀ, ਅਧਿਕਾਰੀਆਂ ਨੂੰ ਦਿੱਤੇ ਇਹ ਨਿਰਦੇਸ਼
- bhagattanya93
- Jun 6
- 2 min read
06/06/2025

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਹੜ੍ਹ ਸੁਰੱਖਿਆ ਲਈ ਪੰਜਾਬ ’ਚ ਮਾਸਟਰ ਪਲਾਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਪੁਖ਼ਤਾ ਯੋਜਨਾਬੰਦੀ ਦੀ ਲੋੜ ’ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਆਪਣੀ ਰਿਹਾਇਸ਼ ’ਤੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕਿਹਾ ਕਿ ਮਾਸਟਰ ਪਲਾਨ ਨਾ ਸਿਰਫ਼ ਫੰਡਾਂ ਦੀ ਤਰਕਸੰਗਤ ਵਰਤੋਂ ਯਕੀਨੀ ਬਣਾਏਗਾ, ਸਗੋਂ ਹੜ੍ਹ ਪੀੜਤਾਂ ਨੂੰ ਫਸਲਾਂ ਦੇ ਨੁਕਸਾਨ ਤੇ ਜਾਇਦਾਦ ਦੇ ਨੁਕਸਾਨ ਲਈ ਮੁਆਵਜ਼ਾ ਦੇਣ ’ਤੇ ਖ਼ਰਚੇ ਜਾ ਰਹੇ ਕਰੋੜਾਂ ਰੁਪਏ ਦੀ ਬੱਚਤ ਕਰਨ ’ਚ ਵੀ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਡਰੇਨਾਂ ਤੇ ਦਰਿਆਵਾਂ ਦੇ ਪ੍ਰਬੰਧਨ ਦੀ ਯੋਜਨਾ ਸਿੰਜਾਈ ਵਿਭਾਗ ਦੇ ਇੰਜਨੀਅਰਾਂ ਨਾਲ ਸਿੱਧਾ ਤਾਲਮੇਲ ਕਰ ਕੇ ਬਣਾਈ ਜਾਣੀ ਚਾਹੀਦੀ ਹੈ। ਇਸ ਨਾਲ ਹੜ੍ਹ ਸੁਰੱਖਿਆ ਬੁਨਿਆਦੀ ਢਾਂਚੇ ਦੀ ਨਿਯਮਤ ਤੌਰ ’ਤੇ ਸਾਫ਼-ਸਫ਼ਾਈ ਤੇ ਮਜ਼ਬੂਤੀ ਯਕੀਨੀ ਬਣਾਈ ਜਾ ਸਕੇਗੀ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮਾਸਟਰ ਪਲਾਨ ਦੇ ਆਧਾਰ ’ਤੇ ਵਿਆਪਕ ਖਾਕਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਹੜ੍ਹ ਸੁਰੱਖਿਆ ਕਾਰਜਾਂ ਨੂੰ ਬਰਸਾਤ ਦੇ ਮੌਸਮ ਤੋਂ ਠੀਕ ਪਹਿਲਾਂ ਰਵਾਇਤੀ ਪਹੁੰਚ ਅਪਣਾਉਣ ਦੀ ਬਜਾਏ ਯੋਜਨਾਬੱਧ ਢੰਗ ਨਾਲ ਲਾਗੂ ਕੀਤਾ ਜਾ ਸਕੇ। ਉਨ੍ਹਾਂ ਨੇ ਇਨ੍ਹਾਂ ਯਤਨਾਂ ਨੂੰ ਨਿਯਮਤ ਆਧਾਰ ’ਤੇ ਜਾਰੀ ਰੱਖਣ ਲਈ ਸਾਲਾਨਾ ਬਜਟ ’ਚ ਵਿਸ਼ੇਸ਼ ਅਲਾਟਮੈਂਟ ਕਰਨ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ। ਮਾਨ ਨੇ ਅਧਿਕਾਰੀਆਂ ਨੂੰ ਸਿੰਜਾਈ ਵਿਭਾਗ ਦੇ ਡਰੇਨੇਜ ਤੇ ਨਹਿਰੀ ਵਿੰਗਾਂ ਦੋਵਾਂ ’ਚ ਤਰਜੀਹੀ ਕੰਮਾਂ ਦੀ ਨਿਸ਼ਾਨਦੇਹੀ ਕਰਦਿਆਂ ਮੁੱਖ ਇੰਜਨੀਅਰਾਂ ਨਾਲ ਸਲਾਹ-ਮਸ਼ਵਰਾ ਕਰ ਕੇ ਕਾਰਜਸ਼ੀਲ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ।

ਮੁੱਖ ਮੰਤਰੀ ਨੇ ਸਮੂਹ ਜ਼ਿਲ੍ਹਿਆਂ ’ਚ ਹੜ੍ਹ ਸੁਰੱਖਿਆ ਕਾਰਜਾਂ ਤੇ ਡਰੇਨਾਂ ਦੀ ਸਫ਼ਾਈ ਲਈ ਤਕਰੀਬਨ 120 ਕਰੋੜ ਰੁਪਏ ਨੂੰ ਪ੍ਰਵਾਨਗੀ ਦਿੱਤੀ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਇਹ ਪ੍ਰਾਜੈਕਟ ਮੌਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਪੂਰੇ ਕੀਤੇ ਜਾਣ ਤੇ ਇਨ੍ਹਾਂ ਨੂੰ ਪੂਰਾ ਕਰਨ ਲਈ ਸਮਾਂ-ਸੀਮਾ 30 ਜੂਨ ਤੱਕ ਨਿਰਧਾਰਤ ਕੀਤੀ ਜਾਵੇ। ਮਾਨ ਨੇ ਸਪੱਸ਼ਟ ਕੀਤਾ ਕਿ ਸਿੰਜਾਈ ਵਿਭਾਗ ਦਾ ਕੋਈ ਵੀ ਅਧਿਕਾਰੀ ਜਾਂ ਮੁਲਾਜ਼ਮ ਇਨ੍ਹਾਂ ਕੰਮਾਂ ਨੂੰ ਪੂਰਾ ਕਰਨ ਵਿਚ ਲਾਪਰਵਾਹੀ ਲਈ ਨਿੱਜੀ ਤੌਰ ’ਤੇ ਜਵਾਬਦੇਹ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਫੰਡਾਂ ਦੀ ਵਰਤੋਂ ਪ੍ਰਭਾਵਸ਼ਾਲੀ ਢੰਗ ਨਾਲ ਕੀਤੀ ਜਾਣੀ ਚਾਹੀਦੀ ਹੈ, ਹਰੇਕ ਜ਼ਿਲ੍ਹੇ ਵਿਚ ਹੜ੍ਹਾਂ ਪੱਖੋਂ ਸੰਵੇਦਨਸ਼ੀਲ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਉਹ ਪਿਛਲੇ ਸਾਲ ਹੜ੍ਹਾਂ ਦਾ ਸਾਹਮਣਾ ਕਰਨ ਵਾਲੇ ਨਵੇਂ ਪ੍ਰਭਾਵਿਤ ਖੇਤਰਾਂ, ਜਿਨ੍ਹਾਂ ’ਚ ਖ਼ਾਸ ਕਰ ਕੇ ਸੜਕ ਨਿਰਮਾਣ ਕਾਰਨ ਰੁਕਾਵਟਾਂ ਆਈਆਂ ਹਨ, ਦਾ ਚੰਗੀ ਤਰ੍ਹਾਂ ਨਿਰੀਖਣ ਕਰਨ ਅਤੇ ਮੁਸ਼ਕਲਾਂ ਨੂੰ ਹੱਲ ਕਰਨ। ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਬਰਿੰਦਰ ਗੋਇਲ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਮੌਜੂਦ ਸਨ।





Comments