google-site-verification=ILda1dC6H-W6AIvmbNGGfu4HX55pqigU6f5bwsHOTeM
top of page

ਰਾਜਸਥਾਨ ਹਾਈ ਕੋਰਟ ਦੇ ਸਿਵਲ ਜੱਜ ਭਰਤੀ ਪ੍ਰੀਖਿਆ ‘ਚ ਅੰਮ੍ਰਿਤਧਾਰੀ ਉਮੀਦਵਾਰਾਂ ਨੂੰ ਦਾਖਲਾ ਨਾ ਦੇਣਾ ਸੰਵਿਧਾਨ ਦੀ ਵੱਡੀ ਉਲੰਘਣਾ ਤੇ ਸਿੱਖਾਂ ਵਿਰੁੱਧ ਨਫ਼ਰਤੀ ਵਿਤਕਰਾ : ਜਥੇਦਾਰ ਗੜਗੱਜ

  • Writer: Ludhiana Plus
    Ludhiana Plus
  • Jul 27
  • 3 min read

>>>> ਸ਼੍ਰੋਮਣੀ ਅਕਾਲ ਦਲ ਤੇ ਸ਼੍ਰੋਮਣੀ ਕਮੇਟੀ ਸਾਂਝਾ ਵਫ਼ਦ ਬਣਾ ਕੇ ਭਾਰਤ ਤੇ ਰਾਜਸਥਾਨ ਸਰਕਾਰ ਪਾਸ ਮਾਮਲਾ ਉਠਾ ਕੇ ਕਰੇ ਪੱਕਾ ਹੱਲ- ਜਥੇਦਾਰ ਗੜਗੱਜ

>>>> ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਿੱਖ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਪਾਸ ਮਾਮਲਾ ਉਠਾ ਕੇ ਕੀਤੇ ਹੱਲ ਸਬੰਧੀ ਸਮੁੱਚੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਭੇਜੇ- ਜਥੇਦਾਰ ਗੜਗੱਜ

ਅੰਮ੍ਰਿਤਸਰ, 27 ਜੁਲਾਈ

ree

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜੈਪੁਰ ਵਿੱਚ ਰਾਜਸਥਾਨ ਹਾਈ ਕੋਰਟ (ਜੋਧਪੁਰ) ਦੀ ਸਿਵਲ ਜੱਜ ਦੀ ਭਰਤੀ ਦਾ ਇਮਤਿਹਾਨ ਦੇਣ ਗਈ ਅੰਮ੍ਰਿਤਧਾਰੀ ਉਮੀਦਵਾਰ ਗੁਰਪ੍ਰੀਤ ਕੌਰ ਵਾਸੀ ਫੇਲੋਕੇ ਜ਼ਿਲ੍ਹਾ ਤਰਨ ਤਾਰਨ ਨੂੰ ਕਿਰਪਾਨ ਪਹਿਨੇ ਹੋਣ ਕਰਕੇ ਦਾਖਲਾ ਨਾ ਦੇਣ ਦਾ ਸਖ਼ਤ ਨੋਟਿਸ ਲੈਂਦਿਆਂ, ਇਸ ਨੂੰ ਭਾਰਤੀ ਸੰਵਿ ਧਾਨ ਦੀ ਵੱਡੀ ਉਲੰਘਣਾ ਅਤੇ ਸਿੱਖਾਂ ਵਿਰੁੱਧ ਨਫ਼ਰਤੀ ਵਿਤਕਰਾ ਕਰਾਰ ਦਿੱਤਾ ਹੈ। ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਇਸ ਦੀ ਨਿੰਦਾ ਕਰਦਿਆਂ ਰਾਜਸਥਾਨ ਦੀ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੂੰ ਸਵਾਲ ਕੀਤਾ ਕਿ ਆਪਣੇ ਆਪ ਨੂੰ ਸਿੱਖ ਹਿਤੈਸ਼ੀ ਦੱਸਣ ਵਾਲੀ ਭਾਜਪਾ ਦੱਸੇ ਕਿ ਉਹ ਕਿਵੇਂ ਸਿੱਖਾਂ ਦੇ ਹਿੱਤਾਂ ਦੀ ਰਾਖੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੁਨੀਆ ਅੰਦਰ ਕਿਸ ਨੂੰ ਨਹੀਂ ਪਤਾ ਕਿ ਅੰਮ੍ਰਿਤਧਾਰੀ ਸਿੱਖ ਕਕਾਰ ਵਜੋਂ ਕਿਰਪਾਨ ਪਾਉਂਦੇ ਹਨ, ਲੇਕਿਨ ਦੇਸ਼ ਅੰਦਰ ਵਾਰ-ਵਾਰ ਸਿੱਖਾਂ ਨੂੰ ਉਨ੍ਹਾਂ ਦੀ ਵੱਖਰੀ ਪਛਾਣ ਅਤੇ ਧਾਰਮਿਕ ਅਕੀਦਿਆਂ ਕਾਰਨ ਜਾਣਬੁੱਝ ਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਵੀ ਰਾਜਸਥਾਨ ਹਾਈ ਕੋਰਟ ਦੇ ਸਿਵਲ ਜੱਜ ਦੀ ਭਰਤੀ ਵੇਲੇ ਸਿੱਖਾਂ ਨਾਲ ਵਿਤਕਰੇ ਦੇ ਮਾਮਲੇ ਜੈਪੁਰ ਤੇ ਜੋਧਪੁਰ ਤੋਂ ਸਾਹਮਣੇ ਆਏ ਸਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਹੋਰ ਸਿੱਖ ਸੰਸਥਾਵਾਂ ਨੇ ਇਸ ਸਬੰਧੀ ਸਰਕਾਰ ਨਾਲ ਲਿਖਾ-ਪੜ੍ਹੀ ਵੀ ਕੀਤੀ ਸੀ, ਇਸ ਦੇ ਬਾਵਜੂਦ ਇਸ ਸਾਲ ਫਿਰ ਅੰਮ੍ਰਿਤਧਾਰੀ ਸਿੱਖ ਉਮੀਦਵਾਰਾਂ ਨੂੰ ਇਮਤਿਹਾਨ ਵਿੱਚ ਦਾਖਲੇ ਤੋਂ ਰੋਕਿਆ ਗਿਆ ਹੈ।

ਜਥੇਦਾਰ ਗੜਗੱਜ ਨੇ ਕਿ ਕਿਹਾ ਅੱਜ ਜਦੋਂ ਤਿਲਕ ਤੇ ਜੰਞੂ ਦੇ ਰਾਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ ਅਤੇ ਸਰਕਾਰਾਂ ਇਸ ਨੂੰ ਸਮਰਪਿਤ ਸਮਾਗਮ ਕਰਵਾਉਣ ਦੇ ਦਾਅਵੇ ਕਰ ਰਹੀਆਂ ਹਨ, ਤਾਂ ਉੱਥੇ ਹੀ ਦੇਸ਼ ਅੰਦਰ ਉਨ੍ਹਾਂ ਦੇ ਸਿੱਖਾਂ ਦੇ ਕਕਾਰਾਂ ਉੱਤੇ ਸਵਾਲ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਇਹ ਦੱਸਣ ਕਿ ਧਾਰਮਿਕ ਅਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਲਈ ਸ਼ਹਾਦਤ ਦੇਣ ਵਾਲੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸਿੱਖਾਂ ਨਾਲ ਅਜਿਹਾ ਵਿਤਕਰਾ ਕਰਕੇ ਕੀ ਉਨ੍ਹਾਂ ਨੂੰ ਸੱਚੀ ਸਰਧਾਂਜਲੀ ਦਿੱਤੀ ਜਾ ਰਹੀ ਹੈ?

ਜਥੇਦਾਰ ਗੜਗੱਜ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਕਿ ਤਾਜ਼ਾ ਮਾਮਲੇ ਅਤੇ ਪਿਛਲੇ ਮਾਮਲਿਆਂ ਨੂੰ ਲੈ ਕੇ ਤੁਰੰਤ ਹੀ ਇੱਕ ਉੱਚ ਪੱਧਰੀ ਸਾਂਝਾ ਵਫ਼ਦ ਤਿਆਰ ਕਰਕੇ ਦੇਸ਼ ਦੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਰਾਜਸਥਾਨ ਦੇ ਮੁੱਖ ਮੰਤਰੀ ਅਤੇ ਰਾਜਸਥਾਨ ਹਾਈ ਕੋਰਟ ਦੇ ਰਜਿਸਟਰਾਰ ਨਾਲ ਮੁਲਾਕਾਤ ਕਰਕੇ, ਇਸ ਵਿਤਕਰੇ ਦੇ ਵਿਰੁੱਧ ਸਖ਼ਤ ਇਤਰਾਜ਼ ਦਰਜ ਕਰਵਾ ਕੇ ਇਸ ਨੂੰ ਹਮੇਸ਼ਾ ਲਈ ਠੱਲ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਲੋੜ ਹੋਵੇ ਤਾਂ ਅਜਿਹੇ ਵਿਤਕਰੇ ਵਾਲੇ ਸਾਰੇ ਮਾਮਲੇ ਇਕੱਤਰ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਜਸਥਾਨ ਹਾਈ ਕੋਰਟ ਵਿੱਚ ਪਟੀਸ਼ਨ ਪਾ ਕੇ ਇਸ ਦਾ ਪੱਕਾ ਹੱਲ ਕਰੇ ਤਾਂ ਜੋ ਅਗਾਂਹ ਤੋਂ ਕਿਸੇ ਅੰਮ੍ਰਿਤਧਾਰੀ ਸਿੱਖ ਉਮੀਦਵਾਰ ਦਾ ਭਵਿੱਖ ਦਾਅ ਉੱਤੇ ਨਾ ਲੱਗੇ ਅਤੇ ਵਿਤਕਰਾ ਨਾ ਹੋਵੇ। ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਅੰਦਰ ਸਿੱਖ ਪਛਾਣ ਅਤੇ ਅਕੀਦਿਆਂ ਨੂੰ ਇਸੇ ਤਰ੍ਹਾਂ ਚੁਣੌਤੀ ਦਿੱਤੀ ਜਾਂਦੀ ਰਹੀ ਤਾਂ ਆਉਣ ਵਾਲੇ ਸਮੇਂ ਵਿੱਚ ਨਤੀਜੇ ਹੋਰ ਵੀ ਗੰਭੀਰ ਹੋਣਗੇ, ਇਸ ਲਈ ਇਸ ਮਾਮਲੇ ਨੂੰ ਪਹਿਲ ਦੇ ਕੇ ਪੱਕੇ ਤੌਰ ਉੱਤੇ ਹੱਲ ਕਰਨਾ ਅਤਿ ਜ਼ਰੂਰੀ ਹੈ।

ਇਹ ਮਾਮਲਾ ਸਾਹਮਣੇ ਆਉਂਦੇ ਹੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਧਿਕਾਰੀ ਵੱਲੋਂ ਇਸ ਸਬੰਧੀ ਵੇਰਵੇ ਭਾਰਤ ਸਰਕਾਰ ਦੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨਾਲ ਵੀ ਸਾਂਝੇ ਕੀਤੇ ਗਏ ਹਨ ਜਿਨ੍ਹਾਂ ਦਾ ਇਹ ਕਹਿਣਾ ਹੈ ਕਿ ਕਮਿਸ਼ਨ ਵੱਲੋਂ ਪਹਿਲਾਂ ਹੀ ਇਹ ਆਦੇਸ਼ ਜਾਰੀ ਕੀਤੇ ਹੋਏ ਹਨ ਕਿ ਅੰਮ੍ਰਿਤਧਾਰੀ ਸਿੱਖ ਉਮੀਦਵਾਰ ਮੁਕਾਬਲਾ ਇਮਤਿਹਾਨਾਂ ਵਿੱਚ ਆਪਣੀ ਕਿਰਪਾਨ ਸਮੇਤ ਦਾਖਲਾ ਕਰ ਸਕਦੇ ਹਨ। ਲਾਲਪੁਰਾ ਨੇ ਭਰੋਸਾ ਦਿੱਤਾ ਹੈ ਕਿ ਉਹ ਇਹ ਤਾਜ਼ਾ ਮਾਮਲਾ ਵੀ ਰਾਜਸਥਾਨ ਹਾਈ ਕੋਰਟ ਦੇ ਰਜਿਸਟਰਾਰ ਦੇ ਕੋਲ ਉਠਾਉਣਗੇ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ. ਇਕਬਾਲ ਸਿੰਘ ਲਾਲਪੁਰਾ ਇੱਕ ਅਹਿਮ ਸੰਵਿਧਾਨਕ ਅਹੁਦੇ ਉੱਤੇ ਕਾਰਜ ਕਰ ਰਹੇ ਹਨ ਅਤੇ ਉਹ ਇੱਕ ਸਿੱਖ ਵੀ ਹਨ, ਇਸ ਲਈ ਇਹ ਉਨ੍ਹਾਂ ਦਾ ਪਹਿਲਾ ਫਰਜ਼ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਦੇਸ਼ ਅੰਦਰ ਕਿਤੇ ਵੀ ਸਿੱਖਾਂ ਨਾਲ ਅਜਿਹਾ ਵਿਤਕਰਾ ਨਾ ਹੋਵੇ। ਜਥੇਦਾਰ ਗੜਗੱਜ ਨੇ ਸ. ਇਕਬਾਲ ਸਿੰਘ ਲਾਲਪੁਰਾ ਨੂੰ ਵੀ ਆਦੇਸ਼ ਦਿੱਤਾ ਕਿ ਉਹ ਯਕੀਨੀ ਬਣਾਉਣ ਕਿ ਦੇਸ਼ ਵਿੱਚ ਕਿਸੇ ਵੀ ਮੁਕਾਬਲਾ ਪ੍ਰੀਖਿਆ ਵਿੱਚ ਅੰਮ੍ਰਿਤਧਾਰੀ ਸਿੱਖ ਉਮੀਦਵਾਰਾਂ ਨੂੰ ਕਿਰਪਾਨ ਪਹਿਨੇ ਹੋਣ ਕਾਰਨ ਨਾ ਰੋਕਿਆ ਜਾਵੇ, ਅਜਿਹਾ ਵਿਤਕਰਾ ਨਾਲ ਝੱਲਣਾ ਪਵੇ ਅਤੇ ਉਹ ਇਸ ਮਾਮਲੇ ਸਬੰਧੀ ਦੇਸ਼ ਦੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨਾਲ ਵਿਸ਼ੇਸ਼ ਮੁਲਾਕਾਤ ਕਰਕੇ, ਕੀਤੇ ਗਏ ਯਤਨਾਂ ਦੀ ਸਮੁੱਚੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬਿਨਾਂ ਦੇਰੀ ਭੇਜਣ।

Comments


Logo-LudhianaPlusColorChange_edited.png
bottom of page