ਵਿਧਾਇਕ ਬੱਗਾ ਅਤੇ ਵਧੀਕ ਡਿਪਟੀ ਕਮਿਸ਼ਨਰ ਵਲੋਂ ਹਲਕਾ ਲੁਧਿਆਣਾ ਉੱਤਰੀ 'ਚ ਦੂਸਰਾ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ
- bhagattanya93
- Jan 27, 2023
- 1 min read
ਲੁਧਿਆਣਾ, 27 ਜਨਵਰੀ

ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਹੋਰ ਪੁਲਾਂਘ ਪੁੱਟਦਿਆਂ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਹੁਲ ਚਾਬਾ ਵਲੋਂ ਸਥਾਨਕ ਵਾਰਡ ਨੰਬਰ 86, ਸਰਦਾਰ ਨਗਰ, ਮੇਨ ਰੋਡ 'ਤੇੇ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕੀਤੀ ਗਈ।
ਵਿਧਾਇਕ ਬੱਗਾ ਅਤੇ ਚਾਬਾ ਨੇ ਸਾਂਝੇ ਤੌਰ 'ਤੇ ਕਿਹਾ ਕਿ ਇਹ ਕਲੀਨਿਕ ਹਲਕੇ ਦੇ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਮੁਫ਼ਤ ਵਿੱਚ ਮੁਹੱਈਆ ਕਰਨਗੇ ਅਤੇ ਅੱਗੇ ਵੀ ਇਹ ਸਿਲਸਿਲਾ ਨਿਰੰਤਰ ਜਾਰੀ ਰਹੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਤਕਰੀਬਨ 100 ਕਲੀਨਿਕਲ ਟੈਸਟਾਂ ਨਾਲ 41 ਪੈਕੇਜ ਲੋਕਾਂ ਨੂੰ ਮੁਫ਼ਤ ਦਿੱਤੇ ਜਾਣਗੇ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ 90 ਫੀਸਦੀ ਮਰੀਜ਼ਾਂ ਨੂੰ ਇਨ੍ਹਾਂ ਕਲੀਨਿਕਾਂ ਤੋਂ ਇਲਾਜ ਦੀਆਂ ਬਿਹਤਰ ਸਹੂਲਤਾਂ ਮਿਲਣਗੀਆਂ ਜਿਸ ਨਾਲ ਹਸਪਤਾਲਾਂ ਵਿਚ ਬੋਝ ਘਟੇਗਾ। ਉਨ੍ਹਾਂ ਕਿਹਾ ਕਿ ਸਿਰਫ ਗੰਭੀਰ ਬਿਮਾਰੀਆਂ ਵਾਲੇ ਮਰੀਜ਼ਾਂ ਨੂੰ ਹੀ ਹਸਪਤਾਲਾਂ ਵਿਚ ਰੈਫਰ ਕੀਤਾ ਜਾਇਆ ਕਰੇਗਾ।
ਉਨ੍ਹਾ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਦਵਾਈਆਂ ਤੇ ਬਿਮਾਰੀਆਂ ਦੇ ਟੈਸਟਾਂ ਦੀ ਸਹੂਲਤ ਮੁਫ਼ਤ ਵਿੱਚ ਮੁਹੱਈਆ ਕਰਨਗੇ। ਉਨ੍ਹਾ ਦੁਹਰਾਇਆ ਕਿ ਸਿਹਤ ਤੇ ਸਿੱਖਿਆ ਖੇਤਰ ਸੂਬਾ ਸਰਕਾਰ ਦੀ ਮੁੱਖ ਤਰਜੀਹ ਹਨ। ਉਨ੍ਹਾਂ ਦੱਸਿਆ ਕਿ ਸੂਬਾ ਭਰ ਦੇ ਸਰਕਾਰੀ ਸਿਵਲ ਹਸਪਤਾਲਾਂ ਵਿੱਚ ਵੀ ਆਗਾਮੀ ਦਿਨਾਂ ਵਿੱਚ ਸੁਧਾਰ ਕੀਤਾ ਜਾਵੇਗਾ ਤਾਂ ਜੋ ਉਹ ਲੋਕਾਂ ਨੂੰ ਮਿਆਰੀ ਸਹੂਲਤਾਂ ਮੁਹੱਈਆ ਹੋਣ।

ਜ਼ਿਕਰਯੋਗ ਹੈ ਕਿ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਕੀਤੀ ਗਈ ਦਿਨ ਰਾਤ ਸਖ਼ਤ ਮਿਹਨਤ ਸਦਕਾ ਪੰਜਾਬ ਦੇ ਚੋਟੀ ਦੇ ਤਿੰਨ ਆਮ ਆਦਮੀ ਕਲੀਨਿਕਾਂ ਵਿੱਚੋਂ ਹਲਕਾ ਲੁਧਿਆਣਾ ਉੱਤਰੀ ਅਧੀਨ ਪੈਂਦੇ ਚਾਂਦ ਸਿਨੇਮਾ ਵਾਲਾ ਆਮ ਆਦਮੀ ਕਲੀਨਿਕ ਸਭ ਤੋਂ ਵੱਧ ਓ.ਪੀ.ਡੀ. (24481) ਦੇ ਨਾਲ ਪਹਿਲੇ ਨੰਬਰ 'ਤੇ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ਇਹ ਲੁਧਿਆਣਾ ਜ਼ਿਲ੍ਹੇ ਲਈ ਵੱਡੇ ਮਾਣ ਵਾਲੀ ਗੱਲ ਹੈ।
Comments